ਅਰਵਿੰਦ ਕੇਜਰੀਵਾਲ ਨੂੰ ਬਠਿੰਡਾ ਦੀ ਅਦਾਲਤ ਤੋਂ ਮਿਲੀ ਵੱਡੀ ਰਾਹਤ, ਇਸ ਕੇਸ ਨੂੰ ਕੀਤਾ ਖਾਰਿਜ

0
797

ਬਠਿੰਡਾ | ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਰਾਹਤ ਮਿਲੀ ਹੈ। ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਤਤਕਾਲੀ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ।

ਇਸ ਮਾਮਲੇ ਵਿੱਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਦੇ ਨਾਂ ਨਾਲ ਮਸ਼ਹੂਰ ਹਨ। ਕੇਜਰੀਵਾਲ ਨੇ ਬਠਿੰਡਾ ਜਾ ਕੇ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕਰਵਾਇਆ ਜਾਵੇਗਾ। ਇਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਜੌਹਲ ਨੇ ਆਪਣੇ ਵਕੀਲ ਰਾਹੀਂ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਾਇਰ ਕੀਤਾ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ 2021 ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ‘ਜੋਜੋ ਟੈਕਸ’ ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ।