ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਅੱਜ ਇਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿਚ ਦਰਜ ਕਰਵਾਏ ਇਕ ਕੇਸ ਵਿਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿਚ ਮੁਲਜ਼ਮ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।