10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਗ੍ਰਿਫਤਾਰ, ਝਗੜੇ ਦੇ ਮਾਮਲੇ ‘ਚ ਨਾਮ ਸ਼ਾਮਲ ਨਾ ਕਰਨ ਵਜੋਂ ਮੰਗਦਾ ਸੀ ਰਿਸ਼ਵਤ

0
1487

ਚੰਡੀਗੜ੍ਹ, 27 ਨਵੰਬਰ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਮੁਲਜ਼ਮ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20 ਹਜ਼ਾਰ ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10 ਹਜ਼ਾਰ ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ।  ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਮਾਮਲੇ ਵਿਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।