ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜ਼ਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿਚ ਦਰਜ ਇੱਕ ਕੇਸ ਦਾ ਅਦਾਲਤ ਵਿਚ ਚਲਾਣ ਪੇਸ਼ ਕਰਨ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿਚ ਮੁਲਜ਼ਮ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।