ਚੰਡੀਗੜ੍ਹ| ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਅਤੇ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲ਼ੇ ਅਮਰਜੋਤ ਸਿੰਘ ਅਤੇ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਸਾਰਿਆਂ ਉਤੇ ਇਲਜ਼ਾਮ ਹੈ ਕਿ ਇਨ੍ਹਾਂ ਨੇ ਬੀਤੀ ਮਾਰਚ ਵਿੱਚ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕੀਤਾ ਸੀ। ਇਨ੍ਹਾਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ।
ਐਨਆਈਏ ਨੇ ਇਨ੍ਹਾਂ ਖਿਲਾਫ ਲੋਕਾਂ ਨੂੰ ਭੜਕਾਉਣ, ਦੰਗਾ ਕਰਨ ਦੀ ਕੋਸ਼ਿਸ਼, ਸਾਜ਼ਿਸ਼, ਜ਼ਬਰਦਸਤੀ ਘਰ ਵਿੱਚ ਦਾਖਲ ਹੋਣ ਦੇ ਨਾਲ-ਨਾਲ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਅਤੇ ਵਿਸਫੋਟਕ ਪਦਾਰਥ ਕਾਨੂੰਨ (ਯੂਏਪੀਏ) ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਐਨਆਈਏ ਇਸ ਮਾਮਲੇ ‘ਚ ਪਾਕਿਸਤਾਨੀ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।
ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਦੇ ਵਿਰੋਧ ‘ਚ ਕੀਤਾ ਸੀ ਹਮਲਾ
18 ਮਾਰਚ ਨੂੰ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਇਸੇ ਦੌਰਾਨ 23 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਵਿਰੋਧ ਵਿੱਚ ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਕਰ ਦਿੱਤਾ ਸੀ। ਏਜੰਸੀ ਮੁਤਾਬਕ ਅੰਮ੍ਰਿਤਪਾਲ ਸਿੰਘ ਦਾ ਸਾਲ਼ਾ ਅਮਰਜੋਤ ਸਿੰਘ ਇਸ ਹਮਲੇ ਦੀ ਅਗਵਾਈ ਕਰ ਰਿਹਾ ਸੀ।
ਇਨ੍ਹਾਂ ਸਾਰਿਆਂ ਨੇ ਨਾ ਸਿਰਫ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਨੂੰ ਘੇਰ ਲਿਆ ਸਗੋਂ ਇਮਾਰਤ ਦੇ ਅੰਦਰ ਦੋ ਗ੍ਰਨੇਡ ਵੀ ਸੁੱਟੇ। ਅਧਿਕਾਰੀਆਂ ਮੁਤਾਬਕ, ਇਸ ਤੋਂ ਪਹਿਲਾਂ 19 ਮਾਰਚ ਨੂੰ ਸੈਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਵੀ ਹਮਲਾ ਕਰਕੇ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲੇ ਵਿੱਚ, ਉੱਥੋਂ ਦੀ ਸੰਘੀ ਏਜੰਸੀ ਨੇ ਦੂਤਾਵਾਸ ਨੂੰ ਨੁਕਸਾਨ ਪਹੁੰਚਾਉਣ ਲਈ ਬਾਬਾ ਸਰਵਣ ਸਿੰਘ ਸਮੇਤ ਅੱਠ ਖਾਲਿਸਤਾਨ ਸਮਰਥਕਾਂ ਦੀ ਪਛਾਣ ਵੀ ਕੀਤੀ ਹੈ।
ਐਨਆਈਏ ਨੇ ਆਪਣੇ ਹੱਥ ‘ਚ ਲਈ ਜਾਂਚ
ਦਿੱਲੀ ਪੁਲਿਸ ਪਹਿਲਾਂ ਹੀ ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਸੀ। ਹੁਣ ਦੋਵਾਂ ਮਾਮਲਿਆਂ ਦੀ ਜਾਂਚ ਐਨਆਈਏ ਨੇ ਆਪਣੇ ਹੱਥ ਵਿੱਚ ਲੈ ਲਈ ਹੈ। ਕਿਉਂਕਿ ਭਾਰਤੀ ਹਾਈ ਕਮਿਸ਼ਨ ਅਤੇ ਵਣਜ ਦੂਤਘਰ ‘ਤੇ ਹਮਲੇ ‘ਚ ਪਾਕਿਸਤਾਨ ਦਾ ਹੱਥ ਹੋਣ ਦਾ ਸ਼ੱਕ ਹੈ। ਏਜੰਸੀ ਨੂੰ ਅਜਿਹੇ ਹੀ ਕੁਝ ਅਹਿਮ ਸਬੂਤ ਮਿਲੇ ਹਨ। ਦੱਸ ਦੇਈਏ ਕਿ ਭਾਰਤੀ ਹਾਈ ਕਮਿਸ਼ਨ ਹਮਲੇ ਦੇ ਮਾਮਲੇ ਵਿੱਚ ਸਬੂਤ ਇਕੱਠੇ ਕਰਨ ਲਈ ਐਨਆਈਏ ਦੀ ਟੀਮ ਨੇ ਪਿਛਲੇ ਮਹੀਨੇ ਲੰਡਨ ਦਾ ਦੌਰਾ ਕੀਤਾ ਸੀ। ਜਿਸ ਤੋਂ ਬਾਅਦ 45 ਸ਼ੱਕੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)