ਸੰਗਰੂਰ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਤਰਨ ਤਾਰਨ ਵਿੱਚ ਈਸਾਈ ਭਾਈਚਾਰੇ ਦੀ ਚਰਚ ਉਪਰ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣਾ ਗਲਤ ਹੈ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਬਹੁਤ ਘੱਟ ਹੋ ਰਿਹਾ ਹੈ ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਮਾਨ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਕਰਵਾ ਰਹੀ। ਸ੍ਰੀ ਮਾਨ ਨੇ ਕਿਹਾ ਕਿ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਜਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਹੋਏ ਕਤਲ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਕੇ ਆਜ਼ਾਦੀ ਦਿਵਸ ਮੌਕੇ ਰਿਹਾਅ ਕਰ ਦਿੱਤਾ ਗਿਆ ਪਰ ਪਿਛਲੇ 30-30 ਸਾਲਾਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ।
ਉੁਨ੍ਹਾਂ ਕਿਹਾ ਕਿ ਸਿੱਖ ਰਾਜ ਸਥਾਪਿਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਹੀ ਚੰਡੀਗੜ੍ਹ ਦੇ ਹਵਾਈ ਅੱਡੇ ਦਾ ਨਾਮ ਹੋਣਾ ਚਾਹੀਦਾ ਹੈ। ਬੇਸਹਾਰਾ ਪਸ਼ੂਆਂ ਦੀ ਗੰਭੀਰ ਹੋਈ ਸਮੱਸਿਆ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਊਆਂ ਦੀ ਸਾਂਭ ਸੰਭਾਲ ਲਈ ਗੰਭੀਰ ਨਹੀਂ ਹੈ। ਕੇਂਦਰ ਸਰਕਾਰ ਗਊਆਂ ਦੀ ਸੰਭਾਲ ਲਈ ਗਊਸ਼ਾਲਾਵਾਂ ਨੂੰ ਫੰਡ ਦੇਵੇ।