ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ, SC ਨੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਸਵੀਕਾਰ ਕੀਤੀ

0
1286

ਫਰੀਦਕੋਟ| ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ ‘ਤੇ ਇਹ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਡੇਰਾ ਪ੍ਰੇਮੀਆਂ ਨੇ ਜਾਨ ਦੇ ਖ਼ਤਰੇ ਬਾਰੇ ਦੱਸਿਆ ਸੀ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਨੇ ਆਪਣੀ ਜਾਨ ਨੂੰ ਖਤਰੇ ਦੇ ਡਰੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਸੀ।

ਬੇਅਦਬੀ ਮਾਮਲੇ ਦੀ ਚਾਰਜਸ਼ੀਟ ਪੰਜ ਮੁਲਜ਼ਮਾਂ ਡੇਰਾ ਪੈਰੋਕਾਰਾਂ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ ਅਤੇ ਬਲਜੀਤ ਸਿੰਘ ਵੱਲੋਂ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਦਾਖ਼ਲ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਇਨ੍ਹਾਂ ਘਟਨਾਵਾਂ ਵਿੱਚ 10 ਨਵੰਬਰ 2022 ਨੂੰ ਕੋਟਕਪੂਰਾ ਵਿੱਚ ਪ੍ਰਦੀਪ ਸਿੰਘ ਕਟਾਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

ਅਜਿਹੀ ਸਥਿਤੀ ਵਿੱਚ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਰਾਜ ਵਿੱਚ ਸੁਣਵਾਈ ਲਈ ਭੇਜਿਆ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਤਲਬ ਕੀਤੀ ਹੈ।

ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਇੱਕ ਹੋਰ ਡੇਰਾ ਸਮਰਥਕ ਮਹਿੰਦਰਪਾਲ ਬਿੱਟੂ ਦਾ ਵੀ ਕੁਝ ਸਮਾਂ ਪਹਿਲਾਂ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਜ਼ਮਾਨਤ ‘ਤੇ ਬਾਹਰ ਆਏ ਡੇਰਾ ਸਮਰਥਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ। ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਸਮੇਂ ਉਨ੍ਹਾਂ ਦੀ ਸੁਰੱਖਿਆ ਹੇਠ ਤਾਇਨਾਤ ਇਕ ਹੋਮਗਾਰਡ ਜਵਾਨ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ।