ਬਰਨਾਲਾ, 25 ਜਨਵਰੀ| ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਠੰਡ ਲੱਗਣ ਨਾਲ ਇਕ ਹੋਰ ਵਿਦਿਆਰਥੀ ਦੀ ਮੌਤ ਹੋ ਗਈ। ਬਰਨਾਲਾ ਦੇ ਪਿੰਡ ਪੱਖੋ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਠੰਡ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ।
ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਉਮਰ 6 ਸਾਲ ਵਜੋਂ ਹੋਈ ਹੈ। ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਲਦੀਪ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਵਿਖੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ।
ਜੋ ਕਿ ਪਿਛਲੇ ਦਿਨੀਂ ਠੰਡ ਕਾਰਨ ਬਿਮਾਰ ਹੋ ਗਿਆ ਸੀ। ਜਿਸ ਨੂੰ ਪਿੰਡ ਦੇ ਡਾਕਟਰ ਕੋਲੋਂ ਦਵਾਈ ਦਿਵਾਈ ਗਈ ਪਰ ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰਕ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੇ ਮੁੱਖ ਅਧਿਆਪਕ ਨਵਦੀਪ ਸ਼ਰਮਾ ਅਨੁਸਾਰ ਬੱਚੇ ਦੀ ਮੌਤ ਠੰਡ ਕਾਰਨ ਹੋਈ ਹੈ। ਮੁੱਖ ਅਧਿਆਪਕ ਨਵਦੀਪ ਸ਼ਰਮਾ ਨੇ ਦੱਸਿਆ ਕਿ ਬੱਚਾ ਕੁਲਦੀਪ ਸਿੰਘ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜੋ ਕਿ ਪਿਛਲੇ ਦਿਨਾਂ ਤੋਂ ਸਕੂਲ ਨਹੀਂ ਆ ਰਿਹਾ ਸੀ। ਬੱਚਾ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ, ਜਿਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਮ੍ਰਿਤਕ ਬੱਚਾ ਕੁਲਦੀਪ ਸਿੰਘ ਦੋ ਭਰਾਵਾਂ ਤੇ ਦੋ ਭੈਣਾਂ ਦਾ ਭਰਾ ਸੀ।