ਬਟਾਲਾ : ਘੇਰ ਕੇ ਬੇਰਹਿਮੀ ਨਾਲ ਵੱਢਿਆ 20 ਸਾਲਾਂ ਦਾ ਮੁੰਡਾ, ਹਸਪਤਾਲ ‘ਚ ਮੌਤ

0
119

ਬਟਾਲਾ, 21 ਜਨਵਰੀ| ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਅਕਰਪੁਰਾ ਕਲਾਂ ‘ਚ ਮਾਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕਰਦਿਆਂ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ| ਪੁਲਿਸ ਨੂੰ ਉਕਤ ਘਟਨਾ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ ਹੈ। ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰੋਸ਼ਨਦੀਪ 20 ਸਾਲ ਪੁੱਤਰ ਜੋਗਿੰਦਰ ਸਿੰਘ ਵਾਸੀ ਅਕਰਪੁਰਾ ਕਲਾਂ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਰੌਸ਼ਨਦੀਪ ਦੇ ਭਰਾ ਜਸ਼ਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸਦੇ ਭਰਾ ਨੂੰ ਘੇਰ ਕੇ ਤੇਜ਼ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕੀਤੀ ਸੀ ਅਤੇ ਉਸਨੂੰ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ ਸੀ।ਉਸਨੇ ਦੱਸਿਆ ਕਿ ਗੰਭੀਰ ਜ਼ਖਮੀ ਰੋਸ਼ਨਦੀਪ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ‘ਚ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ‘ਤੇ ਪੁੱਜੇ ਥਾਣਾ ਕਿਲਾ ਲਾਲ ਸਿੰਘ ਦੇ ਐਸਐਚਓ ਹਰਮੀਕ ਸਿੰਘ ਨੇ ਦੱਸਿਆ ਕਿ ਕਤਲ ਦੇ ਵੇਰਵੇ ਲਏ ਜਾ ਰਹੇ ਹਨ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।