ਬਠਿੰਡਾ, 4 ਨਵੰਬਰ | ਪਿੰਡ ਬੁਰਜ ਮਹਿਮਾ ਦੇ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਮੁਲਾਜ਼ਮਾਂ ਦੀ ਟੀਮ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਅਧਿਕਾਰੀਆਂ ਦੀ ਟੀਮ ਤੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਵਾਈ।

ਦੂਜੇ ਪਾਸੇ ਜ਼ਿਲ੍ਹੇ ਦੇ ਪਿੰਡ ਜੇਠੂ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਟੀਮ ਦਾ ਕਿਸਾਨਾਂ ਨੇ ਘਰਾਓ ਕਰ ਲਿਆ ਅਤੇ ਕਈ ਘੰਟੇ ਬੰਦੀ ਬਣਾਈ ਰੱਖਿਆ। ਜਾਣਕਾਰੀ ਅਨੁਸਾਰ ਪਿੰਡ ਬੁਰਜ ਮਹਿਮਾ ਵਿਚ ਪੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਟੀਮ ਕਿਸਾਨਾਂ ਨੂੰ ਸਮਝਾਉਣ ਲਈ ਗਈ ਸੀ। ਜਿੱਥੇ ਕਿਸਾਨਾਂ ਨੇ ਉਨ੍ਹਾਂ ਅਧਿਕਾਰੀਆਂ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ।

ਪਿੰਡ ਜੇਠੂਕੇ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਅਤੇ ਕਿਸਾਨਾਂ ‘ਤੇ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਧਿਕਾਰੀ ਆਪਣਾ ਲਾਮ ਲਸ਼ਕਰ ਲ਼ੈ ਕੇ ਜਦੋਂ ਪਹੁੰਚੇ ਤਾਂ ਉਸ ਗੱਲ ਦੀ ਭਿਣਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਲੱਗੀ ਜਿਨ੍ਹਾਂ ਮੌਕੇ ‘ਤੇ ਪਹੁੰਚ ਕੇ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਦਾ ਮੌਕੇ ‘ਤੇ ਪਹੁੰਚ ਕੇ ਘਿਰਾਓ ਕਰ ਲਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸੇ ਉਤੇ ਕੋਈ ਕਰਵਾਈ ਨਹੀਂ ਕਰਨ ਦਿੱਤੀ ਜਾਵੇਗੀ ਤੇ ਨਾ ਲਾਲ ਐਂਟਰੀ ਹੋਣ ਦਿੱਤੀ ਜਾਵੇਗੀ। ਫਰਦਾਂ ‘ਤੇ ਨਾ ਕੋਈ ਜੁਰਮਾਨਾ ਹੋਣ ਦਿੱਤਾ ਜਾਵੇਗਾ। ਆਗੂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਕਿਉਂਕਿ ਜੋ ਮਸ਼ੀਨਾਂ ਸਰਕਾਰ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ, ਉਹ ਛੋਟੇ ਕਿਸਾਨਾਂ ਦੀ ਪਹੁੰਚ ਤੋਂ ਬਹੁਤ ਦੂਰ ਹਨ।