ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਅੱਜ ਸੂਬੇ ਦੇ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲ-ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ‘ਚ ਇਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਵਿਖੇ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਅੱਜ ਪੰਜਾਬ ਸਰਕਾਰ ਨੇ ਸੂਬੇ ‘ਚ ਛੁਟੀ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਪਣੇ ਆਖਰੀ ਸਾਹ ਲਏ । ਉਨ੍ਹਾਂ ਦੇ ਦਿਹਾਂਤ ਨਾਲ ਰਾਜਨੀਤੀ ਦਾ ਇਕ ਯੁੱਗ ਖਤਮ ਹੋ ਗਿਆ।

ਪੰਜਾਬ ਦੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹਿ ਚੁੱਕੇ ਹਨ। ਉਹ ਪੰਜਾਬ ਦੇ ਸਭ ਤੋਂ ਨੌਜਵਾਨ ਅਤੇ ਬਜ਼ੁਰਗ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਨੇ ਪਹਿਲੀ ਵਾਰ 1970 ‘ਚ 43 ਸਾਲ ਦੀ ਉਮਰ ‘ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਜਿਸ ਨਾਲ ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣ ਗਏ ਸੀ। 2012 ‘ਚ 84 ਸਾਲ ਦੀ ਉਮਰ ‘ਚ ਬਾਦਲ ਨੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਭਾਰਤ ਸਰਕਾਰ ਨੇ ਉਨ੍ਹਾਂ ਨੂੰ 2015 ‘ਚ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ।

ਬਾਦਲ, ਜੋ ਕਿ ਸੂਬੇ ਦੀ ਸਿੱਖ-ਕੇਂਦਰਿਤ ਰਾਜਨੀਤੀ ਦਾ ਕੇਂਦਰ ਬਿੰਦੂ ਸੀ, ਦਾ ਧਾਰਮਿਕ ਸਿੱਖ ਸੰਗਠਨਾਂ- ਐਸਜੀਪੀਸੀ ਅਤੇ ਡੀਐਸਜੀਪੀਸੀ ‘ਚ ਵੀ ਪ੍ਰਭਾਵ ਸੀ। ਉਨ੍ਹਾਂ ਨੇ ਆਪਣਾ ਸਿਆਸੀ ਜੀਵਨ 1947 ‘ਚ ਸ਼ੁਰੂ ਕੀਤਾ ਸੀ। ਉਹ ਆਪਣੇ ਪਿੰਡ ਬਾਦਲ ਦੇ ਸਰਪੰਚ ਅਤੇ ਫਿਰ ਬਲਾਕ ਸਮਿਤੀ ਲੰਬੀ ਦੇ ਚੇਅਰਮੈਨ ਸਨ। ਉਹ ਪਹਿਲੀ ਵਾਰ 1957 ਵਿਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ।

ਇਸ ਤੋਂ ਬਾਅਦ ਉਹ 1969 ‘ਚ ਵਿਧਾਇਕ ਵੀ ਚੁਣੇ ਗਏ ਅਤੇ ਸੂਬਾ ਸਰਕਾਰ ‘ਚ ਭਾਈਚਾਰਕ ਵਿਕਾਸ, ਪੰਚਾਇਤੀ ਰਾਜ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ ਬਣੇ। ਉਨ੍ਹਾਂ ਦੀ ਪਾਰਟੀ ਨੂੰ 1972, 1980 ਅਤੇ 2002 ਵਿਚ ਵਿਰੋਧੀ ਧਿਰ ਵਿਚ ਬੈਠਣਾ ਪਿਆ ਅਤੇ ਫਿਰ ਬਾਦਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਮਜ਼ਬੂਤ ​​ਨੇਤਾ ਵਜੋਂ ਵੀ ਕਾਮਯਾਬ ਰਹੇ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੀ ਉਨ੍ਹਾਂ ਲੰਬੀ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਚੋਣ ਲੜੀ ਸੀ। ਆਮ ਆਦਮੀ ਪਾਰਟੀ ਦੀ ਲਹਿਰ ‘ਚ ਉਨ੍ਹਾਂ ਨੂੰ ਆਪਣੀ ਸੀਟ ਗੁਆਉਣੀ ਪਈ। ਚੋਣ ਲੜਦੇ ਹੀ ਉਨ੍ਹਾਂ ਦੇ ਨਾਂ ਦੇਸ਼ ਦੇ ਸਭ ਤੋਂ ਬਜ਼ੁਰਗ ਉਮੀਦਵਾਰ ਦਾ ਰਿਕਾਰਡ ਜੁੜ ਗਿਆ।

ਚੰਡੀਗੜ੍ਹ ਤੋਂ ਬਠਿੰਡਾ ਤੱਕ ਦਾ ਆਖਰੀ ਸਫਰ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ, ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪਹੁੰਚੇਗੀ।