ਚੰਡੀਗੜ੍ਹ : ਲਾਰੈਂਸ ਤੇ ਗੋਲਡੀ ਦਾ ਕਰੀਬੀ ਸੁਪਾਰੀ ਕਿੱਲਰ ਹਿਮਾਚਲ ਤੋਂ ਗ੍ਰਿਫ਼ਤਾਰ, ਡੇਰਾ ਪ੍ਰੇਮੀ ਕਤਲਕਾਂਡ ‘ਚ ਵੀ ਰਿਹਾ ਸ਼ਾਮਲ

0
2163


ਚੰਡੀਗੜ੍ਹ | CM ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ (32) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

ਪੈਰੀ 2011 ਵਿਚ ਡੀਏਵੀ ਕਾਲਜ, ਚੰਡੀਗੜ੍ਹ ਵਿਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿਚ ਆਇਆ ਸੀ ਅਤੇ ਉਸ ਖਿਲਾਫ ਪੰਜਾਬ ਅਤੇ ਹਰਿਆਣਾ ਵਿਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਗ੍ਰਿਫਤਾਰ ਮੁਲਜ਼ਮ ਦੀ ਸ਼ਮੂਲੀਅਤ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿਚ ਵੀ ਦੱਸੀ ਜਾ ਰਹੀ ਹੈ, ਜਿਸ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿਚ ਉਸਦੀ ਦੁਕਾਨ ਦੇ ਬਾਹਰ ਛੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਗਿਆ ਸੀ।

ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿਚੋਂ ਭੱਜਣ ਸਮੇਂ ਵੀ ਉਸਦੀ ਅਹਿਮ ਭੂਮਿਕਾ ਰਹੀ ਸੀ। ਉਨ੍ਹਾਂ ਕਿਹਾ ਕਿ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਮਾਰਚ 2022 ਵਿਚ ਆਰਮਜ਼ ਐਕਟ ਕੇਸ ਵਿਚ ਫੜਿਆ ਸੀ ਅਤੇ ਉਸ ਦੇ ਕਬਜ਼ੇ ਵਿਚੋਂ ਇਕ ਗਲਾਕ ਪਿਸਤੌਲ ਅਤੇ ਇਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ‘ਚ ਉਹ ਕਰੀਬ 2 ਮਹੀਨੇ ਬੁੜੈਲ ਜੇਲ ‘ਚ ਰਿਹਾ, ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਹੋ ਗਈ।

ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿਚ ਪੈਰੀ ਦੀ ਭੂਮਿਕਾ ਦਾ ਖੁਲਾਸਾ ਕਰਦਿਆਂ ਡੀਜੀਪੀ ਨੇ ਦੱਸਿਆ ਕਿ 7 ਨਵੰਬਰ 2022 ਨੂੰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਪੈਰੀ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 20,000 ਰੁਪਏ ਨਕਦ ਦਿੱਤੇ ਅਤੇ ਇਹ ਰਕਮ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਪ੍ਰਦੀਪ ਕਤਲਕਾਂਡ ਦਾ ਮੁਲਜ਼ਮ ਹੈ, ਦੇ ਖਾਤੇ ਵਿਚ ਜਮ੍ਹਾ ਕਰਵਾਉਣ ਲਈ ਕਿਹਾ।

ਦੱਸਣਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 153, 153-ਏ, 212, 216 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਐਸਐਸਓਸੀ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 7 ਮਿਤੀ 28.10.2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।