ਚੰਡੀਗੜ੍ਹ | ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੋਲਿਆ ਗਿਆ ਝੂਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵਿਚ 1 ਲੱਖ ਕਰੋੜ ਰੁਪਏ ਦੀ ਮੰਗ ਕਰਨ ਨਾਲ ਬੇਨਕਾਬ ਹੋ ਗਿਆ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ।
ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਜਰੀਵਾਲ ਲੋਕਾਂ ਤੋਂ ਵੋਟਾਂ ਲੈਣ ਵਾਸਤੇ ਹਮੇਸ਼ਾ ਝੂਠ ਬੋਲਦੇ ਹਨ ਅਤੇ ਹਾਲ ਹੀ ਵਿਚ ਪੰਜਾਬ ਵਿਚ ਹੋਈਆਂ ਚੋਣਾਂ ‘ਚ ਵੀ ਉਨ੍ਹਾਂ ਇਹੋ ਕੁਝ ਕੀਤਾ।
ਕੇਜਰੀਵਾਲ ਨੇ ਮੁਫਤ ਬਿਜਲੀ, ਮਹਿਲਾਵਾਂ ਨੁੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਹੋਰ ਮੁਫਤ ਸਹੂਲਤਾਂ ਪ੍ਰਦਾਨ ਕਰਨ ਲਈ ਅਨੇਕਾਂ ਗਰੰਟੀਆਂ ਦੇ ਦਿੱਤੀਆਂ।
ਜਦੋਂ ਕੇਜਰੀਵਾਲ ਤੋਂ ਪੁੱਛਿਆ ਗਿਆ ਕਿ ਇਨ੍ਹਾਂ ਗਰੰਟੀਆਂ ਨੁੰ ਪੂਰਾ ਕਰਨ ਵਾਸਤੇ ਪੈਸਾ ਕਿਥੋਂ ਆਵੇਗਾ ਤਾਂ ਉਨ੍ਹਾਂ ਦਾ ਜਵਾਬ ਸੀ ਅਸੀਂ ਰੇਤ ਮਾਇਨਿੰਗ, ਆਬਕਾਰੀ ਨੀਤੀ ਤੇ ਭ੍ਰਿਸ਼ਟਾਚਾਰ ਖਤਮ ਕਰ ਕੇ ਪੈਸਾ ਬਚਾਵਾਂਗੇ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਬਣੇ ਨੁੰ ਹਾਲੇ ਇਕ ਹਫਤਾ ਹੀ ਹੋਇਆ ਹੈ ਕਿ ਨਵੇਂ ਮੁੱਖ ਮੰਤਰੀ ਨੇ ਆਪਣੇ ਗੁਰੂ ਅਰਵਿੰਦ ਕੇਜਰਵਾਲ ਵੱਲੋਂ ਕੀਤੇ ਮੁਫਤ ਸਹੂਲਤਾਂ ਦੇ ਐਲਾਨ ਪੂਰੇ ਕਰਨ ਵਾਸਤੇ ਪ੍ਰਧਾਨ ਮੰਤਰੀ ਕੋਲੋਂ 1 ਲੱਖ ਕਰੋੜ ਰੁਪਏ ਮੰਗ ਲਏ ਹਨ।
ਭਾਜਪਾ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੇ ਇਹ ਦਲੀਲ ਦਿੱਤੀ ਹੈ ਕਿ ਪੰਜਾਬ ਦੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਸਭ ਨੁੰ ਪਤਾ ਸੀ ਤੇ ਜਦੋਂ ਅਰਵਿੰਦ ਕੇਜਰੀਵਾਲ ਨੇ ਮੁਫਤ ਸਹੂਲਤਾਂ ਲਈ ਗਰੰਟੀਆਂ ਦਾ ਐਲਾਨ ਕੀਤਾ ਤਾਂ ਉਸ ਵੇਲੇ ਉਨ੍ਹਾਂ ਨੁੰ ਵੀ ਇਹ ਪਤਾ ਸੀ ਕਿ ਪੰਜਾਬ ਸਿਰ ਕਿੰਨਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਨੁੰ ਪਤਾ ਸੀ ਕਿ ਸੂਬੇ ਸਿਰ ਕਿੰਨਾ ਕਰਜ਼ਾ ਹੈ ਤਾਂ ਵੀ ਇਨ੍ਹਾਂ ਉਹ ਐਲਾਨ ਕਰ ਦਿੱਤੇ ਜਿਸ ਨਾਲ ਸੂਬਾ ਹੋਰ ਕਰਜ਼ੇ ਦੀ ਮਾਰ ਹੇਠ ਆ ਜਾਵੇਗਾ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਕੋਲ ਮੰਗ ਰੱਖਣ ਦਾ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੂੰ ਪੂਰਾ ਹੱਕ ਹੈ ਪਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਪੈਸਾ ਮੰਗਣਾ ਬਿਲਕੁਲ ਵੀ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਮੰਗਾਂ ਮੰਨੀਆਂ ਜਾਂਦੀਆਂ ਹਨ ਤਾਂ ਫਿਰ ਇਹ ਰੁਝਾਨ ਹੀ ਬਣ ਜਾਵੇਗਾ ਅਤੇ ਕੇਜਰੀਵਾਲ ਵਰਗੇ ਆਗੂ ਐਲਾਨ ਕਰਨ ਮਗਰੋਂ ਪੈਸਾ ਲੈਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਜਾਇਆ ਕਰਨਗੇ ਤੇ ਅਜਿਹਾ ਹੋਣਾ ਦੇਸ਼ ਲਈ ਘਾਤਕ ਹੈ।
ਉਨ੍ਹਾਂ ਕਿਹਾ ਕਿ ਹੁਣ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਆ ਗਈਆਂ ਹਨ ਤਾਂ ਕੇਜਰੀਵਾਲ ਹੁਣ ਉਥੇ ਜਾ ਰਹੇ ਹਨ ਤੇ ਉਥੇ ਜਾ ਕੇ ਵੀ ਉਹੀ ਕਰਨਗੇ ਜੋ ਇਹਨਾਂ ਪੰਜਾਬ ਵਿਚ ਕੀਤਾ ਹੈ।