ਨਰਿੰਦਰ ਕੁਮਾਰ | ਜਲੰਧਰ
ਨਾਭਾ ਜ਼ੇਲ੍ਹ ਵਿੱਚੋਂ 28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਭਾਈ ਲਾਲ ਸਿੰਘ ਸੰਨ 1992 ਤੋਂ ਜ਼ੇਲ੍ਹ ਅੰਦਰ ਬੰਦ ਸਨ, ਜਿਨ੍ਹਾਂ ਦੀ ਬੀਤੇ ਦਿਨੀਂ ਰਿਹਾਈ ਹੋਈ ਹੈ। ਉਹ ਇਸ ਦੌਰਾਨ ਅਹਿਮਦਾਬਾਦ ਗੁਜਰਾਤ ਅਤੇ ਹੋਰ ਕਈ ਜ਼ੇਲ੍ਹਾਂ ਵਿਚ ਰਹੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਭਾਰਤ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਜ਼ੇਲ੍ਹਾਂ ਅੰਦਰ ਬੰਦ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰੰਤੂ ਭਾਈ ਲਾਲ ਸਿੰਘ ਦੀ ਰਿਹਾਈ ਹੁਣ ਸੰਭਵ ਹੋ ਸਕੀ ਹੈ। ਭਾਈ ਲਾਲ ਸਿੰਘ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਬਰਨਾਲਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸੁਪਰਵਾਈਜ਼ਰ ਸ. ਕਾਰਜ ਸਿੰਘ, ਸ. ਅਜਮੇਰ ਸਿੰਘ ਭਾਰਾਪੁਰ ਅਤੇ ਭਾਈ ਲਾਲ ਸਿੰਘ ਦੀ ਧਰਮਪਤਨੀ ਬੀਬੀ ਗੁਰਦੀਪ ਕੌਰ ਅਤੇ ਬੇਟੀ ਮਨਮੀਤ ਕੌਰ ਵੀ ਮੌਜੂਦ ਸਨ।