ਫ਼ਰੀਦਕੋਟ, 16 ਨਵੰਬਰ | ਜ਼ਿਲੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਪੁਸ਼ਟੀ ਹੋਣ ਤੋਂ ਬਾਅਦ 24 ਘੰਟਿਆਂ ‘ਚ ਪੁਲਿਸ ਪ੍ਰਸ਼ਾਸਨ ਵਲੋਂ 19 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ‘ਚ 17 ਕਿਸਾਨਾਂ ਦੇ ਨਾਂ ਸ਼ਾਮਲ ਹਨ। ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਨਾ ਸਿਰਫ਼ ਕੇਸ ਦਰਜ ਕੀਤੇ ਜਾ ਰਹੇ ਹਨ, ਸਗੋਂ ਉਨ੍ਹਾਂ ਦੀ ਜ਼ਮੀਨ ਨੂੰ ਲਾਲ ਲਕੀਰ ਹੇਠ ਲਿਆਉਣ ਦੇ ਨਾਲ-ਨਾਲ ਜੁਰਮਾਨੇ ਅਤੇ ਹੋਰ ਕਈ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ।

ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਪਰਾਲੀ ਸਾੜਨ ਦਾ ਮਾੜਾ ਅਸਰ ਭੁਗਤਣਾ ਪੈ ਰਿਹਾ ਹੈ। ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੀ ਸਖ਼ਤ ਹੋ ਗਿਆ ਹੈ। ਅਦਾਲਤ ਦੇ ਹੁਕਮਾਂ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਫ਼ਰੀਦਕੋਟ ਸਮੇਤ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਸਰਵੇ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਤੋਂ ਜੁਰਮਾਨੇ ਕੀਤੇ ਗਏ ਹਨ, ਉਨ੍ਹਾਂ ਤੋਂ ਹਰ ਹਾਲਤ ਵਿਚ ਵਸੂਲੀ ਕੀਤੀ ਜਾਵੇਗੀ ਅਤੇ ਪਾਬੰਦੀ ਵੀ ਜਾਰੀ ਰਹੇਗੀ।