ਚੰਡੀਗੜ੍ਹ, 3 ਮਾਰਚ | ਸਿਆਸੀ ਪਾਰਟੀ ਪੰਜਾਬ ਕਿਸਾਨ ਦਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕਿਸਾਨ ਪੱਖੀ ਸੋਚ ਦੇ ਪ੍ਰਭਾਵ ਕਾਰਨ ਅਸੀਂ ਆਪਣੀ ਜਥੇਬੰਦੀ ਪੰਜਾਬ ਕਿਸਾਨ ਦਲ ਨੂੰ ਭਾਜਪਾ ‘ਚ ਰਲੇਵਾਂ ਕਰਨ ਦਾ ਫੈਸਲਾ ਕੀਤਾ ਹੈ।
ਕੇਂਦਰ ਸਰਕਾਰ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੰਮ ਕਰ ਰਹੀ ਹੈ। ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦਾ ਕੰਮ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਇਕ ਸਕੀਮ ਤਹਿਤ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਪ੍ਰੇਰਨਾ ਸਦਕਾ ਪੰਜਾਬ ਕਿਸਾਨ ਦਲ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਪੰਜਾਬ ਕਿਸਾਨ ਦਲ ਦੇ ਪ੍ਰਧਾਨ ਰਣਜੀਤ ਸਿੰਘ ਸਰਾਂ ਸਮੇਤ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ‘ਚ ਸਾਰਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।