CM ਮਾਨ ਵੱਲੋਂ ਵੱਡਾ ਐਲਾਨ : ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਨੂੰ 30,000 ਦਾ ਟੀਕਾ ਲੱਗੇਗਾ ਮੁਫ਼ਤ

0
4706

ਗੁਰਦਾਸਪੁਰ | CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਸੂਬੇ ਦੇ 23 ਜ਼ਿਲ੍ਹਾ ਹਸਪਤਾਲਾਂ ਅਤੇ 3 ਮੈਡੀਕਲ ਕਾਲਜਾਂ ਫ਼ਰੀਦਕੋਟ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਸਟ੍ਰੋਕ ਰੈਡੀ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਯੂਨਿਟਾਂ ਵਿਚ ਦਿਮਾਗੀ ਦੌਰਾ ਜਾਂ ਬ੍ਰੇਨ ਸਟ੍ਰੋਕ ਵਾਲੇ ਮਰੀਜ਼ਾਂ ਦਾ ਤੁਰੰਤ ਇਲਾਜ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਹਾਈਪਰਟੈਂਸ਼ਨ ਜਿਸਨੂੰ ਬਲੱਡ ਪ੍ਰੈਸ਼ਰ ਵਧਣਾ ਵੀ ਕਿਹਾ ਜਾਂਦਾ ਹੈ, ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਇਨ੍ਹਾਂ ਮਰੀਜ਼ਾਂ ਵਿਚੋਂ 50 ਫੀਸਦੀ ਮਰੀਜ਼ਾਂ ਨੂੰ ਪਤਾ ਵੀ ਨਹੀਂ ਹੁੰਦਾ ਕਿ ਉਨ੍ਹਾਂ ਨੂੰ ਹਾਈਪਰਟੈਂਸ਼ਨ ਹੈ। ਉਨ੍ਹਾਂ ਕਿਹਾ ਕਿ ਬ੍ਰੇਨ ਸਟ੍ਰੋਕ ਇਕ ਬਹੁਤ ਹੀ ਗੰਭੀਰ ਅਤੇ ਘਾਤਕ ਸਥਿਤੀ ਹੈ, ਜਿਸ ਕਾਰਨ ਹਰੇਕ 30 ਮਿੰਟ ਵਿਚ ਇਕ ਮਰੀਜ਼ ਦੀ ਮੌਤ ਹੋ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਿਹਤ ਢਾਂਚੇ ਵਿਚ ਵੱਡੇ ਸੁਧਾਰ ਤੇ ਬਦਲਾਅ ਲਿਆਂਦੇ ਜਾ ਰਹੇ ਹਨ। ਇਸ ਬੀਮਾਰੀ ਕਾਰਨ ਮਰੀਜ਼ ਦਾ ਸਰੀਰ ਵੀ ਲਕਵਾਗ੍ਰਸਤ ਹੋ ਸਕਦਾ ਹੈ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਹੁਣ ਤੱਕ ਗਰੀਬ ਲੋਕਾਂ ਲਈ ਇਸ ਬਿਮਾਰੀ ਦਾ ਇਲਾਜ ਪਹੁੰਚ ਤੋਂ ਬਾਹਰ ਸੀ ਅਤੇ ਹੁਣ ਇਨ੍ਹਾਂ ਸਥਾਪਤ ਕੀਤੇ ਜਾ ਰਹੇ ਯੂਨਿਟਾਂ ‘ਚ ਲਗਭਗ 30000 ਰੁਪਏ ਤੱਕ ਦੇ ਮੁੱਲ ਦਾ ਟੀਕਾ ਬਿਲਕੁਲ ਮੁਫ਼ਤ ਲਗਾਇਆ ਜਾਵੇਗਾ ਅਤੇ ਮਰੀਜ਼ ਦਾ ਸੀਟੀ ਸਕੈਨ ਵੀ ਮੁਫ਼ਤ ਕੀਤਾ ਜਾਵੇਗਾ। ਇਸ ਦੇ ਨਾਲ ਨਾ ਸਿਰਫ ਅਜਿਹੇ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ ਸਗੋਂ ਉਸਦੇ ਸਰੀਰ ਨੂੰ ਲਕਵਾਗ੍ਰਸਤ ਹੋਣ ਤੋਂ ਵੀ ਬਚਾਇਆ ਜਾ ਸਕੇਗਾ।