ਚੰਡੀਗੜ੍ਹ, 2 ਦਸੰਬਰ | ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਵਿਖੇ ਦਿੱਤੀ।
ਕਿਸਾਨ ਪੰਜਾਬ ‘ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨ 8 ਜਨਵਰੀ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਮਿਲਣਗੇ। ਇਸ ਤੋਂ ਇਲਾਵਾ ਇਸ ਅੰਦੋਲਨ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਦੇ ਪਿੰਡਾਂ ਵਿਚ ਇਕ ਲੱਖ ਪੋਸਟਰ ਵੀ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਵਿਚ 5 ਕਿਸਾਨ ਯੂਨੀਅਨਾਂ ਸ਼ਾਮਲ ਹੋਣ ਜਾ ਰਹੀਆਂ ਹਨ, ਮੋਰਚੇ ਵਿਚ ਸੰਯੁਕਤ ਕਿਸਾਨ ਮੋਰਚਾ ਵੀ ਸ਼ਾਮਲ ਹੋਵੇਗਾ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੀ ਤਰਫੋਂ ਬਲਵੀਰ ਸਿੰਘ ਰਾਜੇਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੀ ਤਰਫੋਂ ਪ੍ਰੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਕਮਲਪ੍ਰੀਤ ਪੰਨੂ, ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਭੋਗ ਸਿੰਘ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਤਰਫੋਂ ਹਰਜਿੰਦਰ ਸਿੰਘ ਟਾਂਡਾ ਸਣੇ ਹੋਰ ਵੀ ਕਈ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿਚ ਕੀਤੇ ਵਾਧੇ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਦੀ ਦਲੀਲ ਸੀ ਕਿ ਪੰਜਾਬ ਵਿਚ ਗੰਨੇ ਦੀ ਕੀਮਤ ਸਭ ਤੋਂ ਵੱਧ ਹੈ। ਸਰਕਾਰੀ ਏਜੰਸੀ ਦਾ ਕਹਿਣਾ ਹੈ ਕਿ ਗੰਨੇ ਦੀ ਕੀਮਤ 470 ਰੁਪਏ ਹੈ ਜਦੋਂਕਿ ਸਰਕਾਰ ਸਿਰਫ਼ 11 ਰੁਪਏ ਦਾ ਵਾਧਾ ਕਰਕੇ ਖੁਸ਼ੀ ਜ਼ਾਹਰ ਕਰਨ ਦੀ ਗੱਲ ਕਰ ਰਹੀ ਹੈ।