ਚੰਡੀਗੜ੍ਹ, 16 ਦਸੰਬਰ | ਮਾਨ ਸਰਕਾਰ ਦਾ ਬਿਜਲੀ ਮੁਲਾਜ਼ਮਾਂ ਲਈ ਵੱਡਾ ਐਲਾਨ ਹੋਇਆ ਹੈ। ਪੰਜਾਬ ਸਰਕਾਰ ਨੇ ਦੁਰਘਟਨਾ ਮੁਆਵਜ਼ਾ ਨੀਤੀ ਦੀ ਸ਼ੁਰੂਆਤ ਕੀਤੀ ਹੈ। ਇਸ ਮੁਆਵਜ਼ਾ ਨੀਤੀ ਤਹਿਤ ਡਿਊਟੀ ਦੌਰਾਨ ਹਾਦਸਿਆਂ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਇਲਾਜ ਲਈ 3 ਲੱਖ ਰੁਪਏ ਐਡਵਾਂਸ ਦਿੱਤੇ ਜਾਣਗੇ। ਠੇਕਾ ਮੁਲਾਜ਼ਮਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਵੀ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ।
ਮੁਆਵਜ਼ਾ ਐਕਟ 1923 ਤਹਿਤ ਉਮਰ ਸੀਮਾ ਨੂੰ ਹਟਾ ਕੇ ਹਰ ਕਿਸੇ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਿੱਤੀ। ਬਿਜਲੀ ਮੰਤਰੀ ਹਰਭਜਨ ਸਿੰਘ ETO ਨੇ ਦੱਸਿਆ ਕਿ ਕਰੰਟ ਨਾਲ ਕਰਮਚਾਰੀਆਂ ਦੀ ਮੌਤ ਹੋਣ ‘ਤੇ 10 ਲੱਖ ਰੁਪਏ ਮਿਲਣਗੇ। ਇਸ ਤੋਂ ਇਲਾਵਾ ਵਿਭਾਗ ਦੀ ਲਾਪਰਵਾਹੀ ‘ਤੇ ਆਮ ਲੋਕਾਂ ਨੂੰ ਵੀ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ ਦੇ ਰੈਗੂਲਰ ਕਰਮਚਾਰੀਆਂ ਨੂੰ ਨਾ ਸਿਰਫ਼ ਦੁਰਘਟਨਾ ਦੇ ਲਾਭ ਪ੍ਰਾਪਤ ਹੋਣਗੇ, ਬਲਕਿ ਉਹ ਐਮਰਜੈਂਸੀ ਦੌਰਾਨ 3 ਲੱਖ ਤੱਕ ਦੇ ਡਾਕਟਰੀ ਐਡਵਾਂਸ ਤੱਕ ਪ੍ਰਾਪਤ ਕਰ ਸਕਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਪ੍ਰਾਪਤ ਕਰਨ ਵਿਚ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਸ ਨੀਤੀ ਦੀ ਸ਼ੁਰੂਆਤ ਤੋਂ ਪਹਿਲਾਂ ਠੇਕੇ ਅਤੇ ਉਪ-ਠੇਕੇ ਵਾਲੀਆਂ ਸ਼੍ਰੇਣੀਆਂ ਦੇ ਕਾਮਿਆਂ ਨੂੰ ਗੈਰ-ਘਾਤਕ ਹਾਦਸਿਆਂ ਦੀ ਸਥਿਤੀ ਵਿਚ ਕੋਈ ਵਿੱਤੀ ਲਾਭ ਨਹੀਂ ਮਿਲਦਾ ਸੀ, ਜਦਕਿ ਨਵੀਂ ਨੀਤੀ ਇਸ ਅੰਤਰ ਨੂੰ ਪੂਰਾ ਕਰਦੇ ਹੋਏ ਯਕੀਨੀ ਬਣਾਉਂਦੀ ਹੈ ਕਿ 100 ਫੀਸਦੀ ਅਪੰਗਤਾ ਦੀ ਸਥਿਤੀ ਵਿਚ 10 ਲੱਖ ਦੀ ਰਕਮ ਦਾ ਭੁਗਤਾਨ ਕੀਤਾ ਜਾਵੇਗਾ।