ਚੰਡੀਗੜ੍ਹ ‘ਚ ਨਾਨ-ਟੀਚਿੰਗ ਸਟਾਫ ਨੂੰ ਵੱਡਾ ਝਟਕਾ ! ਸਿੱਖਿਆ ਵਿਭਾਗ ਨੇ ਰੈਗੂਲਰ ਕਰਨ ਤੋਂ ਕੀਤਾ ਇਨਕਾਰ

0
534

ਚੰਡੀਗੜ੍ਹ, 7 ਅਕਤੂਬਰ | ਸਿੱਖਿਆ ਵਿਭਾਗ ਦੇ ਨਾਨ-ਟੀਚਿੰਗ ਸਟਾਫ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਿਭਾਗ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿੱਖਿਆ ਸਕੱਤਰ ਕੇ.ਕੇ.ਯਾਦਵ ਨੇ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਗੈਰ-ਕਾਨੂੰਨੀ ਹੋਵੇਗਾ ਤੇ ਇਸ ਨੂੰ ‘ਬੈਕ ਡੋਰ ਐਂਟਰੀ’ ਵਜੋਂ ਦੇਖਿਆ ਜਾਵੇਗਾ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਦੀ ਨੁਮਾਇੰਦਗੀ ‘ਤੇ ਵਿਚਾਰ ਕਰ ਕੇ ਕਾਨੂੰਨ ਅਨੁਸਾਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਕਿ ਪਟੀਸ਼ਨਰਾਂ ਨੂੰ ਸਰਵ ਸਿੱਖਿਆ ਅਭਿਆਨ ਸਕੀਮ ਤਹਿਤ ਸਾਲਾਨਾ ਠੇਕੇ ‘ਤੇ ਨਿਯੁਕਤ ਕੀਤਾ ਗਿਆ ਸੀ ਅਤੇ ਇਸ ਸਕੀਮ ਵਿਚ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ ਕਿ ਇਸ ਨੂੰ ਰਜਿਸਟਰਡ ਸੁਸਾਇਟੀਆਂ ਰਾਹੀਂ ਲਾਗੂ ਕੀਤਾ ਜਾਵੇਗਾ।

ਵਿਭਾਗ ਨੇ ਇਹ ਵੀ ਕਿਹਾ ਕਿ ਇਹ ਕਰਮਚਾਰੀ ਸੂਬਾ ਸਰਕਾਰ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ‘ਤੇ ਨਹੀਂ, ਸਗੋਂ ਸੁਸਾਇਟੀ ਦੀਆਂ ਠੇਕੇ ‘ਤੇ ਤਾਇਨਾਤ ਹਨ। ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨਾ ਸੰਭਵ ਨਹੀਂ ਹੈ ਅਤੇ ਉਨ੍ਹਾਂ ਨੂੰ ਅਧਿਆਪਕਾਂ ਦੇ ਬਰਾਬਰ ਨਹੀਂ ਮੰਨਿਆ ਜਾ ਸਕਦਾ ਹੈ।