ਅੰਮ੍ਰਿਤਸਰ। ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਪੁਰ ਵਿੱਚ ਜਥੇਦਾਰ ਵੱਲੋਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਆਦੇਸ਼ ਕੀਤਾ ਗਿਆ ਸੀ ਕਿ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਦਾ ਵਿਰੋਧ ਕੀਤਾ ਜਾਵੇ ਤੇ ਇਸ ਲਈ ਗੁਰੂ ਘਰਾਂ ਅਤੇ ਹੋਰ ਅਦਾਰਿਆਂ ਦੇ ਬਾਹਰ ਵੱਡੇ ਬੋਰਡ ਤਿਆਰ ਕਰਵਾ ਕੇ ਸਥਾਪਤ ਕੀਤੇ ਜਾਣ।
ਇਨ੍ਹਾਂ ਬੋਰਡਾਂ ’ਤੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਸਮੇਤ ਉਨ੍ਹਾਂ ਦੀਆਂ ਸਜ਼ਾਵਾਂ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇ। ਧਾਮੀ ਨੇ ਆਖਿਆ ਕਿ ਇਸ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਗੁਰਦੁਆਰਿਆਂ ਤੇ ਵਿਦਿਅਕ ਅਦਾਰਿਆਂ ’ਚ ਇਹ ਬੋਰਡ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਬੋਰਡ ਗੁਰਦੁਆਰਿਆਂ ਦੇ ਮੁੱਖ ਦੁਆਰਾਂ ਤੇ ਵਿਦਿਅਕ ਅਦਾਰਿਆਂ ਵਿਚ ਵੀ ਢੁੱਕਵੀਆਂ ਥਾਵਾਂ ’ਤੇ ਲਗਾਏ ਜਾਣਗੇ। ਬੋਰਡਾਂ ਦੀ ਇਬਾਰਤ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਕਿਹਾ ਗਿਆ ਹੈ ਤੇ ਜਲਦ ਹੀ ਇਹ ਕਾਰਜ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਲਈ ਪੱਤਰ ਲਿਖੇ ਸਨ, ਜਿਸ ਪ੍ਰਤੀ ਅਜੇ ਤਕ ਹੁੰਗਾਰਾ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਆਖਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕਰਨਾ ਸਿੱਖਾਂ ਦਾ ਹੱਕ ਹੈ ਕਿਉਂਕਿ ਇਹ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਹੋਣ ਤੋਂ ਬਾਦ ਵੀ ਜੇਲ੍ਹਾਂ ਵਿੱਚ ਬੰਦ ਹਨ ਤੇ ਸਰਕਾਰਾਂ ਦੇ ਇਹ ਫੈਸਲੇ ਮਨੁੱਖੀ ਹੱਕਾਂ ਦਾ ਘਾਣ ਹਨ।