ਚੰਡੀਗੜ੍ਹ, 6 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਾਲਤ ਵਿਚ ਸ਼ਡਿਊਲ ਕੱਲ ਤਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਤਾਂ ਕਮਿਸ਼ਨਰ ਖੁਦ ਚੋਣ ਰਿਪੋਰਟ ਲੈ ਕੇ ਅਦਾਲਤ ਵਿਚ ਪੇਸ਼ ਹੋਣਗੇ।
ਪੰਜਾਬ ਦੀ ਇਕ ਪੰਚਾਇਤ ਦੀ ਉਪ ਚੋਣ ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਜਦੋਂ ਕੁਝ ਕਾਰਨਾਂ ਕਰਕੇ ਚੋਣਾਂ ਨਹੀਂ ਹੋ ਸਕੀਆਂ ਤਾਂ ਅਦਾਲਤ ਵਿਚ ਸਰਕਾਰ ਵਿਰੁੱਧ ਪਟੀਸ਼ਨ ਪਾਈ ਗਈ। ਉਕਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਖ਼ਤ ਰੁਖ਼ ਦਿਖਾਇਆ ਹੈ।
ਹਾਈਕੋਰਟ ‘ਚ ਸੁਣਵਾਈ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁਝ ਸਮੇਂ ‘ਚ ਕਰਵਾਈਆਂ ਜਾਣਗੀਆਂ। ਇਸ ‘ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਚੋਣਾਂ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਕੀਤੀ ਗਈ ਹੈ। ਅਜੇ ਤਕ ਇਹ ਨਹੀਂ ਦੱਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਇਸ ਦਾ ਪ੍ਰੋਗਰਾਮ ਕੀ ਹੋਵੇਗਾ, ਕੋਈ ਨਹੀਂ ਜਾਣਦਾ। ਅਜਿਹੇ ‘ਚ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਚੋਣਾਂ ਦੇ ਪੂਰੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।