ਚੰਡੀਗੜ੍ਹ, 20 ਦਸੰਬਰ | ਪਟਿਆਲਾ ‘ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਦੌਰਾਨ ਇੱਕ ਔਰਤ ਤੋਂ ਨਾਮਜ਼ਦਗੀ ਦੀ ਫਾਈਲ ਖੋਹਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਸੁਣਿਆ ਕਿ ਇਹ ਘਟਨਾ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਵਿਚ ਵਾਪਰੀ। ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਅਦਾਲਤ ਨੇ ਕਿਹਾ ਕਿ 4 ਪੁਲਿਸ ਮੁਲਾਜ਼ਮਾਂ ਖਿਲਾਫ ਬਾਈ ਨੇਮ ਮਾਮਲਾ ਦਰਜ ਕੀਤਾ ਜਾਵੇਗਾ। ਅਦਾਲਤ ਨੇ ਪੁਲਿਸ ਨੂੰ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਅਦਾਲਤ ਵਿਚ ਮੁੜ ਸੁਣਵਾਈ ਹੋਵੇਗੀ। ਫਿਰ ਨਗਰ ਨਿਗਮ ਚੋਣਾਂ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਲਗਾਤਾਰ 2 ਦਿਨਾਂ ਤੋਂ ਪਟਿਆਲਾ ਨਗਰ ਨਿਗਮ ਨੂੰ ਲੈ ਕੇ ਹਾਈਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਜਿਵੇਂ ਹੀ ਪਟੀਸ਼ਨਰ ਨੇ ਅਦਾਲਤ ‘ਚ ਕੁਝ ਵੀਡੀਓਜ਼ ਦਿਖਾਈਆਂ ਤਾਂ ਇਹ ਗੱਲ ਸਾਹਮਣੇ ਆਈ ਕਿ ਕੁਝ ਲੋਕ ਪੁਲਿਸ ਦੀ ਮੌਜੂਦਗੀ ‘ਚ ਇਕ ਔਰਤ ਤੋਂ ਨਾਮਜ਼ਦਗੀ ਪੱਤਰ ਖੋਹ ਕੇ ਭੱਜ ਗਏ। ਅਦਾਲਤ ਨੇ ਇਸ ‘ਤੇ ਸਖ਼ਤੀ ਦਿਖਾਈ। ਨਾਲ ਹੀ ਕਿਹਾ ਕਿ 15 ਮਿੰਟਾਂ ਦੇ ਅੰਦਰ ਅੰਦਰ ਇਨ੍ਹਾਂ ਚਾਰਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਧਰ, ਪੰਜਾਬ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਉਸ ਨੂੰ ਕੁਝ ਸਮਾਂ ਦਿੱਤਾ ਜਾਵੇ। ਇਸ ਤੋਂ ਬਾਅਦ 5 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਸਾਰੇ ਆਰ.ਓਜ਼ ਤੋਂ ਵੀਡੀਓ ਮੰਗਵਾਏ ਜਾਣ ਤਾਂ ਜੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਨਰਮੀ ਬਰਕਰਾਰ ਨਹੀਂ ਰੱਖੀ ਜਾ ਸਕਦੀ।
ਇਹ ਸਾਰਾ ਮਾਮਲਾ 12 ਦਸੰਬਰ ਦਾ ਹੈ। ਉਸ ਦਿਨ ਨਗਰ ਨਿਗਮ ਲਈ ਨਾਮਜ਼ਦਗੀ ਭਰਨ ਦੀ ਆਖਰੀ ਮਿਤੀ ਸੀ। ਅਜਿਹੇ ‘ਚ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ। ਸਿਰਫ਼ ਇੱਕ ਗੇਟ ਦਾਖ਼ਲੇ ਲਈ ਸੀ। ਇਸ ਦੌਰਾਨ ਕੁਝ ਲੋਕ ਆਏ, ਜਿਨ੍ਹਾਂ ਨੇ ਕਤਾਰ ‘ਚ ਖੜ੍ਹੇ ਲੋਕਾਂ ਤੋਂ ਫਾਈਲਾਂ ਖੋਹ ਲਈਆਂ ਅਤੇ ਫਰਾਰ ਹੋ ਗਏ। ਭਾਜਪਾ ਅਤੇ ਕਾਂਗਰਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਸੀ। ਉਨ੍ਹਾਂ ਇਸ ਮਾਮਲੇ ਵਿਚ ਪੰਜਾਬ ਦੇ ਰਾਜਪਾਲ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਉਸ ਸਮੇਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਇਹ ਸਾਰਾ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ।