ਚੰਡੀਗੜ੍ਹ, 6 ਦਸੰਬਰ | ਅੰਮ੍ਰਿਤਸਰ ‘ਚ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜਦਕਿ ਪਿਛਲੇ ਮਹੀਨੇ ਹੋਈਆਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੀਟਿੰਗ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਦੇ ਐਸਪੀ ਹਰਪਾਲ ਚੀਮਾ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ।
ਇਸ ਮੀਟਿੰਗ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਆਏ। ਕਰੀਬ ਇੱਕ ਘੰਟੇ ਤੱਕ ਦੋਵਾਂ ਵਿਚਾਲੇ ਗੱਲਬਾਤ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਬੁਲਾਈ ਹੈ।
ਅੱਜ ਚੰਡੀਗੜ੍ਹ ਵਿਖੇ ਹੋ ਰਹੀ ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ 4 ਨਗਰ ਨਿਗਮਾਂ ਅਤੇ 45 ਨਿਗਮ ਚੋਣਾਂ ਲਈ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ।




































