ਵੱਡੀ ਖ਼ਬਰ: ਭਾਰਤੀ ਕਿਸਾਨ ਯੂਨੀਅਨ ਵੱਲੋਂ ਭਲਕੇ ਤੋਂ ਰੇਲਾਂ ਰੋਕਣ ਦਾ ਐਲਾਨ

0
3003

ਪਟਿਆਲਾ, 14 ਫਰਵਰੀ| ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਭਰ ਵਿੱਚ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੇਅ ਯੂਨੀਅਨ ਦੇ ਪ੍ਰਧਾਨ ਜੁਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਹ ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਅਤੇ ਦਿੱਲੀ ‘ਚ ਚੱਲ ਰਹੇ ਸੰਘਰਸ਼ ਦੌਰਾਨ ਛੱਡੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਦੀ ਨਿਖੇਧੀ ਕਰਦੇ ਹਨ|

ਇਸ ਦੇ ਨਾਲ ਹੀ ਉਗਰਾਹਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਸਬੰਧੀ ਅੱਜ ਪੰਜਾਬ ਪੱਧਰੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਗੈਰ-ਸਿਆਸੀ ਕਿਸਾਨ ਮੋਰਚਾ ਅਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦਿੱਲੀ ਜਾਣ ਦੀ ਯੋਜਨਾ ਸੀ, ਜਿਸ ਨੂੰ ਸਰਕਾਰ ਨੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਕੇ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਕਾਰਵਾਈ ਵਿੱਚ ਕਈ ਕਿਸਾਨ ਜ਼ਖ਼ਮੀ ਹੋਏ ਹਨ।

ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਕਿਸਾਨਾਂ ਦੇ ਸਾਰੇ ਕਰਜ਼ੇ ਰੱਦ ਕਰੇ, ਲਖੀਮਪੁਰੀ ਖੇੜੀ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ, ਐਮ.ਐਸ. ਪੀ ਕਾਨੂੰਨ ਬਣਾਉਣ ਦੀ ਮੰਗ, ਪਹਿਲੇ ਅੰਦੋਲਨ ਦੌਰਾਨ ਸ਼ਹੀਦ ਹੋਏ ਮੋਰਚੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ ਅਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਹੈ। ਇਹ ਕਿਸਾਨ ਮੋਰਚੇ ਦੀਆਂ ਮੰਗਾਂ ਹਨ ਅਤੇ ਬਿਲਕੁਲ ਜਾਇਜ਼ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਖ਼ਿਲਾਫ਼ ਕਾਰਵਾਈ ਦੇ ਵਿਰੋਧ ਵਿੱਚ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।