ਜਲੰਧਰ/ਲੁਧਿਆਣਾ/ਚੰਡੀਗੜ੍ਹ| ਅੱਜ ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਸਾਰੇ ਸਹਿਕਾਰੀ ਬੈਂਕਾਂ ਨੂੰ ਤਾਲਾ ਲਗਾ ਦਿੱਤਾ ਗਿਆ ਹੈ ਅਤੇ ਸਾਰੇ ਮੁਲਾਜ਼ਮਾਂ ਵੱਲੋਂ ਇਕਜੁਟ ਹੋ ਕੇ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। 6ਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਗਈ ਹੈ। ਦੱਸ ਦੇਈਏ ਇਸਤੋਂ ਪਹਿਲਾਂ ਪੰਜਾਬ ਵਿੱਚ 2 ਨਵੰਬਰ ਤੋਂ 8 ਜਿ਼ਲਿਆਂ ਵਿੱਚ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ, ਜੋ ਹੁਣ ਪੰਜਾਬ ਪੱਧਰ ‘ਤੇ ਸ਼ੁਰੂ ਹੋ ਗਈ ਹੈ।
ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਵੱਲੋਂ ਇਹ ਅਣਮਿੱਥੇ ਸਮੇਂ ਦੀ ਹੜਤਾਲ ਮਾਨ ਸਰਕਾਰ ਨੂੰ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਵੀ ਮੰਗਾਂ ਨਾ ਮੰਨਣ ਪਿੱਛੋਂ ਅਰੰਭੀ ਗਈ ਹੈ। ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਦੇ 17 ਸੈਕਟਰ ਵਿਖੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਪੇ ਕਮਿਸ਼ਨ ਲਾਗੂ ਕਰਨ ਵਿੱਚ ਸਰਕਾਰ ਵੱਲੋਂ ਪੱਖਪਾਤ ਕੀਤਾ ਜਾ ਰਿਹਾ ਹੈ, ਜਿਸ ਤਹਿਤ 8 ਜਿ਼ ਲਿਆਂ ਨੂੰ 6ਵੇਂ ਪੇ ਕਮਿਸ਼ਨ ਦੇ ਘੇਰੇ ਵਿੱਚ ਨਹੀਂ ਲਿਆ ਗਿਆ ਹੈ।