ਚੰਡੀਗੜ੍ਹ, 6 ਦਸੰਬਰ | ਜਲਦੀ ਹੀ ਪੰਜਾਬ ‘ਚ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਨੇ ਇਸ ਚੋਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ‘ਆਪ’ ਲੀਡਰਸ਼ਿਪ ਨੇ ਫੈਸਲਾ ਕੀਤਾ ਹੈ ਕਿ ‘ਆਪ’ ਆਗੂਆਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ। ਪਾਰਟੀ ਆਪਣੇ ਵਲੰਟੀਅਰਾਂ ਨੂੰ ਮੌਕਾ ਦੇਣ ਜਾ ਰਹੀ ਹੈ।
‘ਆਪ’ ਦੇ ਜਿਹੜੇ ਵਿਧਾਇਕ, ਜ਼ਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਟਿਕਟਾਂ ਦਿਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਇਸ ਤੋਂ ਪਹਿਲਾਂ ਪੰਜ ਜ਼ਿਮਨੀ ਚੋਣਾਂ ਹੋ ਚੁੱਕੀਆਂ ਹਨ, ਜਿਨ੍ਹਾਂ ‘ਚੋਂ ‘ਆਪ’ ਨੇ ਚਾਰ ‘ਚ ਜਿੱਤ ਹਾਸਲ ਕੀਤੀ ਹੈ। ਉੱਥੇ ਵਲੰਟੀਅਰਾਂ ਨੇ ਆਪੋ-ਆਪਣੇ ਵਾਰਡਾਂ ਵਿਚ ਸਖ਼ਤ ਮਿਹਨਤ ਕੀਤੀ, ਜਿਸ ਦੇ ਨਤੀਜੇ ਵੀ ਦੇਖਣ ਨੂੰ ਮਿਲੇ।
ਇਸ ਕਾਰਨ ਆਮ ਆਦਮੀ ਪਾਰਟੀ ਆਪਣੇ ਵਲੰਟੀਅਰਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੀ ਅਤੇ ਫੈਸਲਾ ਕੀਤਾ ਹੈ ਕਿ ਸਿਰਫ ਮਿਹਨਤੀ ਵਲੰਟੀਅਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ। ਇਸ ਫੈਸਲੇ ਤੋਂ ਬਾਅਦ ਜਿਹੜੇ ਆਗੂ ਆਪਣੇ ਰਿਸ਼ਤੇਦਾਰਾਂ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ, ਉਨ੍ਹਾਂ ਦੇ ਚਿਹਰੇ ਉਦਾਸ ਹੋ ਜਾਣਗੇ। ਫਿਲਹਾਲ ਇਹ ਤਾਂ ਸਮਾਂ ਹੀ ਦੱਸੇਗਾ ਕਿ ਟਿਕਟ ਕਿਸ ਨੂੰ ਮਿਲਦੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)