ਨਵੀਂ ਦਿੱਲੀ। ਈਡੀ ਨੇ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ ਸ਼ਰਾਬ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕੀਤਾ ਹੈ। ਗੌਤਮ ਮਲਹੋਤਰਾ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਬੇਟਾ ਹੈ।

ਗੌਤਮ ਉਤੇ ਮਨੀ ਲਾਂਡਰਿੰਗ ਦਾ ਦੋਸ਼ ਹੈ ਤੇ ਉਹ ਸ਼ਰਾਬ ਬਣਾਉਣ ਵਾਲੀ ਵੱਡੀ ਕੰਪਨੀ ਓਏਸਿਸ ਗਰੁੱਪ ਦਾ ਡਾਇਰੈਕਟਰ ਹੈ। ਮਿਲੀ ਜਾਣਕਾਰੀ ਮੁਤਾਬਿਕ ਗੌਤਮ ਨੂੰ ਦਿੱਲੀ ਦੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਜਿਥੇ ਈਡੀ ਉਸਨੂੰ ਹਿਰਾਸਤ ਵਿਚ ਲੈਣ ਦੀ ਮੰਗ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਗੌਤਮ ਪੰਜਾਬ ਤੇ ਹੋਰ ਇਲਾਕਿਆਂ ਵਿਚ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿਚ ਕਥਿਤ ਘਪਲਿਆਂ ਦੇ ਮਾਮਲੇ ਵਿਚ ਅੱਜ ਸਵੇਰੇ ਸੀਬੀਆਈ ਨੇ ਹੈਦਰਾਬਾਦ ਤੋਂ ਚਾਰਟਰਡ ਅਕਾਊਂਟੈਂਟ ਬੁੱਚੀ ਬਾਬੂ ਗੋਰੰਟਲਾ ਨੂੰ ਗ੍ਰਿਫਤਾਰ ਕੀਤਾ ਸੀ।