ਚੰਡੀਗੜ੍ਹ, 1 ਨਵੰਬਰ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ 3 ਮਨੀ ਬਿੱਲਾਂ ‘ਤੇ ਇਤਰਾਜ਼ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਦੇ ਤੁਰੰਤ ਬਾਅਦ ਰਾਜਪਾਲ ਦੇ ਤੇਵਰ ਨਰਮ ਪੈ ਗਏ ਤੇ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਜਾਣ ਤੋਂ ਪਹਿਲਾਂ ਹੀ 2 ਮਨੀ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ।
ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਇਸ ‘ਤੇ ਸੁਣਵਾਈ 3 ਨਵੰਬਰ ਨੂੰ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਰਾਜਪਾਲ ਨੇ 2 ਮਨੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਕ GST ਸੋਧ ਬਿੱਲ 2023 ਹੈ, ਜਿਸ ਤਹਿਤ ਰਾਜ ਵਿਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ, ਜਦਕਿ ਦੂਜਾ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਹੈ। ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ।