ਚੰਡੀਗੜ੍ਹ, 2 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਛੁੱਟੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਾਤਾਂ ਵਿਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਵਿਚ 80 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਹਨ।

ਇਸ ਸਮੇਂ ਰਾਜ ਵਿਚ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ।

ਉਂਝ ਪਿੰਡਾਂ ਵਿਚ ਮਾਹੌਲ ਖ਼ਰਾਬ ਨਹੀਂ ਹੋਣਾ ਚਾਹੀਦਾ। ਇਸ ਲਈ ਸਰਕਾਰ ਨੇ ਆਪਣੇ ਪੱਧਰ ‘ਤੇ ਉਪਰਾਲੇ ਕੀਤੇ ਹਨ। ਪਾਰਟੀ ਚੋਣ ਨਿਸ਼ਾਨ ‘ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ ‘ਚ ਪਾਸ ਕਰ ਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ ਪਰ ਇਸ ਤੋਂ ਬਾਅਦ ਵੀ ਕਈ ਥਾਵਾਂ ‘ਤੇ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ।

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ।

ਜਿਥੇ ਰੋਜ਼ਾਨਾ ਸਵੇਰੇ 8:30 ਵਜੇ ਤੋਂ ਰਾਤ 9:00 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)