ਚੰਡੀਗੜ੍ਹ | ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਵਿਜੇਂਦਰ 2019 ‘ਚ ਕਾਂਗਰਸ ‘ਚ ਸ਼ਾਮਲ ਹੋਏ ਸਨ। ਪਾਰਟੀ ਨੇ ਉਨ੍ਹਾਂ ਨੂੰ ਦੱਖਣੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਸੀ ਪਰ ਉਹ ਚੋਣ ਹਾਰ ਗਏ ਸਨ।

ਮੁੱਕੇਬਾਜ਼ ਵਿਜੇਂਦਰ ਸਿੰਘ ਨੇ 3 ਮਹੀਨੇ ਪਹਿਲਾਂ ਇਕ ਟਵੀਟ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ।  ਉਨ੍ਹਾਂ ਦੇ ਇਸ ਬਿਆਨ ਕਾਰਨ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਹੈ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਅਤੇ ਰਾਜਨੀਤੀ ‘ਚ ਸਰਗਰਮ ਰਹਿਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ 2024 ‘ਚ ਭਿਵਾਨੀ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ ।

ਇਸ ਤੋਂ ਪਹਿਲਾਂ ਵਿਜੇਂਦਰ ਸਿੰਘ ਨੇ ਕਾਂਗਰਸ ਦੀ ਟਿਕਟ ‘ਤੇ 2024 ‘ਚ ਹਰਿਆਣਾ ਦੇ ਭਿਵਾਨੀ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਐਲਾਨ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਇਹ ਫੈਸਲਾ ਪਾਰਟੀ ਵੱਲੋਂ ਲਿਆ ਜਾਵੇਗਾ। ਵਿਜੇਂਦਰ ਸਿੰਘ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ। ਕੁਝ ਸਮਾਂ ਪਹਿਲਾਂ ਵਿਜੇਂਦਰ ਦੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋ ਗਈ ਸੀ।