ਚੰਡੀਗੜ੍ਹ, 22 ਨਵੰਬਰ | ਪੰਜਾਬ ਸਰਕਾਰ ਨੇ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਜਵਾਬ ਦਾਖਲ ਕੀਤਾ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਹ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰ ਦੇਵੇਗੀ। ਵੀਰਵਾਰ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਤੱਕ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ 11 ਨਵੰਬਰ ਨੂੰ ਆਪਣਾ ਹੁਕਮ ਦਿੰਦਿਆਂ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਅੰਦਰ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਤਹਿਤ 25 ਨਵੰਬਰ ਨੂੰ ਦੋ ਹਫ਼ਤੇ ਪੂਰੇ ਹੋ ਜਾਣਗੇ, ਇਸ ਲਈ ਸਰਕਾਰ ਹੁਣ ਇਨ੍ਹਾਂ ਚੋਣਾਂ ਲਈ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰੇਗੀ। ਪੰਜਾਬ ਸਰਕਾਰ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ, ਇਸ ਸੂਚਨਾ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਚੋਣਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਤੇ ਲੁਧਿਆਣਾ ਨਗਰ ਨਿਗਮਾਂ ‘ਚ ਹੋਣੀਆਂ ਹਨ।