ਵੱਡੀ ਖਬਰ ! ਹਾਈਕੋਰਟ ਨੇ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਿਜ

0
1702

ਚੰਡੀਗੜ੍ਹ | ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਸ਼ਰਾਬ ਦਾ ਵਪਾਰ ਮੌਲਿਕ ਅਧਿਕਾਰ ਨਹੀਂ ਹੈ। ਸਰਕਾਰ ਨੇ ਨਿਯਮਾਂ ਅਨੁਸਾਰ ਨੀਤੀ ਬਣਾਈ ਹੈ ਅਤੇ ਨੀਤੀਗਤ ਮਾਮਲਿਆਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਠੀਕ ਨਹੀਂ ਹੈ।

ਪਟੀਸ਼ਨ ਦਾਇਰ ਕਰਦੇ ਹੋਏ ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਡਰਾਅ ਰਾਹੀਂ 2024-25 ਲਈ ਸ਼ਰਾਬ ਦੇ ਠੇਕੇ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਕੁਝ ਸਾਲ ਪਹਿਲਾਂ ਤੱਕ ਅਰਜ਼ੀ ਦੀ ਫੀਸ ਸਿਰਫ 3500 ਰੁਪਏ ਸੀ ਪਰ ਇਹ ਅਚਾਨਕ ਵਧਾ ਕੇ 75000 ਰੁਪਏ ਕਰ ਦਿੱਤੀ ਗਈ ਹੈ। ਅਰਜ਼ੀ ਫੀਸ ਸਬੰਧੀ ਨਿਯਮ ਤੈਅ ਕੀਤਾ ਗਿਆ ਹੈ ਕਿ ਜੇਕਰ ਅਲਾਟਮੈਂਟ ਨਹੀਂ ਕੀਤੀ ਜਾਂਦੀ ਤਾਂ ਇਹ ਰਕਮ ਵਾਪਸ ਨਹੀਂ ਕੀਤੀ ਜਾਵੇਗੀ।

ਪਟੀਸ਼ਨਰ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਨੂੰ ਕਰੀਬ 35 ਹਜ਼ਾਰ ਅਰਜ਼ੀਆਂ ਮਿਲੀਆਂ ਹਨ, ਜਿਨ੍ਹਾਂ ਤੋਂ ਸਰਕਾਰ ਨੂੰ 260 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸਰਕਾਰ ਦੀ ਇਸ ਨੀਤੀ ਕਾਰਨ ਜਿਨ੍ਹਾਂ ਦੇ ਨਾਂ ਡਰਾਅ ਵਿਚ ਨਹੀਂ ਆਉਣਗੇ, ਉਨ੍ਹਾਂ ਦੀ ਅਰਜ਼ੀ ਫੀਸ ਵਿਚੋਂ 75,000 ਹਜ਼ਾਰ ਰੁਪਏ ਦਾ ਨੁਕਸਾਨ ਹੋਵੇਗਾ। ਪਟੀਸ਼ਨਰ ਨੇ ਕਿਹਾ ਕਿ ਅਰਜ਼ੀਆਂ ਦੀ ਫੀਸ ਵਿਚ ਭਾਰੀ ਵਾਧਾ ਨਾ ਸਿਰਫ਼ ਗ਼ਲਤ ਹੈ ਸਗੋਂ ਨਿਆਂ ਦੇ ਸਿਧਾਂਤਾਂ ਦੇ ਵੀ ਖ਼ਿਲਾਫ਼ ਹੈ। ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਸਰਕਾਰ ਦੀ ਇਸ ਨੀਤੀ ਨੂੰ ਰੱਦ ਕੀਤਾ ਜਾਵੇ।
ਹਾਈਕੋਰਟ ਨੇ ਕਿਹਾ ਕਿ ਜਦੋਂ ਤੱਕ ਕੋਈ ਗੈਰ-ਕਾਨੂੰਨੀ ਕੰਮ ਜਾਂ ਬਦਨੀਤੀ ਨਹੀਂ ਦਿਖਾਈ ਜਾਂਦੀ, ਅਦਾਲਤ ਨੂੰ ਰਾਜ ਦੀ ਨੀਤੀ ਨਾਲ ਜੁੜੇ ਮਾਮਲਿਆਂ ਵਿਚ ਦਖਲ ਨਹੀਂ ਦੇਣਾ ਚਾਹੀਦਾ। ਇਨ੍ਹਾਂ ਟਿੱਪਣੀਆਂ ਨਾਲ ਹਾਈਕੋਰਟ ਨੇ ਆਬਕਾਰੀ ਨੀਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ।