ਅੰਮ੍ਰਿਤਸਰ, 10 ਅਕਤੂਬਰ | ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪਰਫਿਊਮ ਦੀ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ। ਦਰਅਸਲ ਪਰਫਿਊਮ ‘ਚ ਅਲਕੋਹਲ ਦਾ ਮਿਸ਼ਰਨ ਹੋਣ ਕਾਰਨ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਇਸ ਦੀ ਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।
ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜੇ ਤਕ ਇਸ ਸਬੰਧੀ ਕੋਈ ਲਿਖਤੀ ਆਦੇਸ਼ ਜਾਰੀ ਨਹੀਂ ਹੋਇਆ ਹੈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਮਾਮਲਾ ਸੰਗਤ ਵੱਲੋਂ ਜਥੇਦਾਰ ਸਾਹਿਬ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਕੁਦਰਤੀ ਖੁਸ਼ਬੂਦਾਰ ਵਸਤੂਆਂ ਉਤੇ ਕੋਈ ਰੋਕ ਨਹੀਂ ਹੈ, ਸਿਰਫ਼ ਅਲਕੋਹਲ ਵਾਲੇ ਪਰਫਿਊਮ ਉਤੇ ਰੋਕ ਲਗਾਈ ਗਈ ਹੈ। ਗੁਰਚਰਨ ਗਰੇਵਾਲ ਨੇ ਕਿਹਾ ਕਿ ਇਹ ਫ਼ੈਸਲਾ ਲਾਗੂ ਕਰ ਦਿੱਤਾ ਗਿਆ ਹੈ।