ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਵੱਡਾ ਬਿਆਨ : ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦੀ ਵੀ ਹਿੱਸੇਦਾਰੀ

0
158

ਨਵੀਂ ਦਿੱਲੀ, 24 ਦਸੰਬਰ | ਉਪ ਰਾਸ਼ਟਰਪਤੀ ਜਗਦੀਪ ਧਨਖੜ ਕੱਲ ਪੰਜਾਬ ਯੂਨੀਵਰਸਿਟੀ ਵਿਚ ਪਹੁੰਚੇ, ਜਿਥੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣੇ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਹਰਿਆਣਾ ਦੇ ਕਾਲਜਾਂ ਨੂੰ ਵੀ ਮਾਨਤਾ ਦਿੱਤੀ ਜਾ ਸਕੇ।

ਧਨਖੜ ਦੇ ਬਿਆਨ ਤੋਂ ਬਾਅਦ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ। ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ। ਅਜਿਹੇ ‘ਚ ਭਾਜਪਾ ਨੇਤਾ ਦੀ ਤਰ੍ਹਾਂ ਨਾ ਬੋਲੋ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ।

ਕੰਗ ਨੇ ਇਸ ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਪ ਰਾਸ਼ਟਰਪਤੀ ਨੇ ਬਿਆਨ ਦਿੱਤਾ ਹੈ, ਅਜਿਹਾ ਕਰਕੇ ਉਨ੍ਹਾਂ ਨੇ ਭਾਜਪਾ ਦੇ ਏਜੰਡੇ ਨੂੰ ਅੱਗੇ ਤੋਰਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਭਾਜਪਾ ਵੱਲੋਂ ਜਗਦੀਪ ਧਨਖੜ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੀਯੂ ਵਿਚ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਪੰਜਾਬ ਪੁਨਰਗਠਨ ਐਕਟ-1966 ਤਹਿਤ ਹਰਿਆਣਾ ਨੂੰ ਪੀਯੂ ਵਿਚ ਹਿੱਸਾ ਦਿੱਤਾ ਗਿਆ ਸੀ। ਹਰਿਆਣਾ ਵਿਚ ਕਾਲਜ ਪੀਯੂ ਤੋਂ ਮਾਨਤਾ ਪ੍ਰਾਪਤ ਸਨ ਪਰ 1973 ਵਿਚ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਖਤਮ ਕਰ ਦਿੱਤਾ ਗਿਆ ਸੀ।

ਪਿਛਲੇ 3 ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਪੀਯੂ ਨੂੰ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ, ਜਦਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵੱਲੋਂ ਵੀ 40 ਫੀਸਦੀ ਗ੍ਰਾਂਟ ਦਿੱਤੀ ਜਾਂਦੀ ਸੀ। ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਨੂੰ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀ ਵਿਰਾਸਤ ਹੈ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।