ਚੰਡੀਗੜ੍ਹ | ਪੰਜਾਬ ਦੇ 108 ਐਂਬੂਲੈਂਸ ਕਰਮਚਾਰੀਆਂ ਨੇ ਸਿਹਤ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆਪਣੀ ਹੜਤਾਲ ਵਾਪਸ ਲੈ ਲਈ ਹੈ। ਬੁੱਧਵਾਰ ਦੇਰ ਸ਼ਾਮ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਮੰਤਰੀ ਨੇ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ।
ਇਹ ਮੀਟਿੰਗ ਬੁੱਧਵਾਰ ਸ਼ਾਮ 6:15 ਵਜੇ ਪੰਜਾਬ ਭਵਨ ਵਿਖੇ ਸ਼ੁਰੂ ਹੋਈ, ਜੋ ਕਰੀਬ 8:00 ਵਜੇ ਤੱਕ ਚੱਲੀ। 108 ਐਂਬੂਲੈਂਸ ਮੁਲਾਜ਼ਮ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਿਹਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇਸ ਵਿੱਚ ਮੁਲਾਜ਼ਮਾਂ ਦੀ ਤਨਖਾਹ ਵਧਾਉਣਾ, ਬਰਖਾਸਤ ਐਂਬੂਲੈਂਸ ਮੁਲਾਜ਼ਮਾਂ ਨੂੰ ਵਾਪਸ ਲੈਣਾ ਵੀ ਸ਼ਾਮਲ ਹੈ।
ਬਹੁਤ ਜਲਦ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਚਾਰ ਕੈਬਨਿਟ ਮੰਤਰੀਆਂ ਦੀ ਪ੍ਰਧਾਨਗੀ ਹੇਠ ਇੱਕ ਹੋਰ ਮੀਟਿੰਗ ਸੱਦੀ ਜਾਵੇਗੀ। ਇਸ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ ਅਤੇ ਡਾ. ਬਲਬੀਰ ਸ਼ਾਮਲ ਹੋਣਗੇ। ਮੀਟਿੰਗ ਵਿੱਚ ਯੂਨੀਅਨ ਦੀਆਂ ਮੰਗਾਂ ਨੂੰ ਠੋਸ ਰੂਪ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ‘ਚ 108 ਐਂਬੂਲੈਂਸ ਕਰਮਚਾਰੀ ਲਗਭਗ ਇਕ ਹਫਤੇ ਤੋਂ ਹੜਤਾਲ ‘ਤੇ ਹਨ। ਹੜਤਾਲ ਕਾਰਨ ਪੰਜਾਬ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।