ਚੰਡੀਗੜ੍ਹ, 20 ਜਨਵਰੀ| ਘਰੇਲੂ ਕਲੇਸ਼ ਦੇ ਚੱਲ ਰਹੇ ਮਾਮਲੇ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੀ। ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਆਰ.ਐਸ.ਰਾਏ ਨੇ ਸ਼ੁੱਕਰਵਾਰ ਨੂੰ ਅਮਨ ਅਰੋੜਾ ਨੂੰ ਹੋਈ ਦੋ ਸਾਲ ਦੀ ਕੈਦ ਦੀ ਸਜ਼ਾ ਵਿਰੁੱਧ ਕੀਤੀ ਅਪੀਲ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਅਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਸਜ਼ਾ ਦੋ ਸਾਲ ਲਈ ਮੁਅੱਤਲ ਕਰ ਦਿੱਤੀ ਹੈ।
ਦੂਜੇ ਪਾਸੇ ਜ਼ਿਲ੍ਹਾ ਸੈਸ਼ਨ ਜੱਜ ਦੇ 15 ਜਨਵਰੀ ਦੇ ਫ਼ੈਸਲੇ ਖ਼ਿਲਾਫ਼ ਵਿਰੋਧੀ ਧਿਰ ਦੇ ਰਜਿੰਦਰ ਦੀਪਾ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਨਾਲ ਹੀ 24 ਜਨਵਰੀ ਨੂੰ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਕੇਸ ਦੀ ਬਹਿਸ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਅਗਲੀ ਪੇਸ਼ੀ 24 ਜਨਵਰੀ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਅਦਾਲ ਨੇ ਘਰ ਅੰਦਰ ਵੜ ਕੇ ਰਾਜਿੰਦਰ ਦੀਪਾ ਨਾਲ ਮਾਰਕੁੱਟ ਕਰਨ ਦੇ ਦੋਸ਼ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਉਨ੍ਹਾਂ ਦੀ ਮਾਤਾ ਪਰਮੇਸ਼ਵਰੀ ਦੇਵੀ ਸਣੇ 9 ਲੋਕਾਂ ਨੂੰ ਦੋ-ਦੋ ਸਾਲ ਦੀ ਸਜ਼ਾ ਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਕੋਰਟ ਨੇ ਮੰਤਰੀ ਅਮਨ ਅਰੋੜਾ ਨੂੰ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਲਈ ਤੀਹ ਦਿਨ ਦਾ ਸਮਾਂ ਦਿੱਤਾ ਸੀ।