ਚੰਡੀਗੜ੍ਹ: ਨਸ਼ਾ ਤਸਕਰੀ ਕੇਸ ਵਿੱਚ ਉਲਝੇ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਪਟੀਸ਼ਨ ਉੱਪਰ ਨਵੇਂ ਬੈਂਚ ‘ਚ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।
ਬਿਕਰਮ ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਇਸ ਮਾਮਲੇ ਦੀ ਸੁਣਵਾਈ ਲਈ ਜਸਟਿਸ ਐਮਐਸ ਰਾਮਚੰਦਰ ਰਾਓ ਤੇ ਜਸਟਿਸ ਅਨੂਪ ਚਿਤਕਾਰਾ ਦੀ ਅਗਵਾਈ ਹੇਠ ਨਵੇਂ ਬੈਂਚ ਦਾ ਗਠਨ ਕੀਤਾ ਗਿਆ ਸੀ।
ਹੁਣ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਦਰਅਸਲ ਅਨੂਪ ਚਿਤਕਾਰਾ ਨਸ਼ਾ ਤਸਕਰੀ ਕੇਸ ਵਿੱਚ ਜਗਜੀਤ ਚਾਹਲ ਦੇ ਵਕੀਲ ਰਹੇ ਸਨ। ਇਸ ਲਈ ਉਨ੍ਹਾਂ ਨੇ ਕੇਸ ਦੀ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ।
ਪੰਜਾਬ ਵਿੱਚ ਸਰਕਾਰ ਬਦਲਣ ਮਗਰੋਂ ਮਜੀਠੀਆ ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਪਿਛਲੀ ਕਾਂਗਰਸ ਸਰਕਾਰ ਨੇ ਉਸ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਰਾਹਤ ਨਹੀਂ ਮਿਲੀ।
ਦੋ ਮਹੀਨੇ ਪਹਿਲਾਂ ਬਿਕਰਮ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਮਾਮਲਾ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਅੱਗੇ ਰੱਖਣ ਲਈ ਕਿਹਾ ਹੈ ਜਿਸ ‘ਚ 2 ਜੱਜ ਸੁਣਵਾਈ ਕਰਨਗੇ।