ਹਰਿਆਣਾ। ਭਾਜਪਾ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਤੋਂ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਰਿਪੋਰਟ ਵਿੱਚ ਉਸ ਦੀ ਹਾਰਟ ਅਟੈਕ ਨਾਲ ਮੌਤ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਗਿਆ ਹੈ ਤੇ ਮੌਤ ਦਾ ਕਾਰਨ ਗੈਰ-ਕੁਦਰਤੀ ਦੱਸਿਆ ਗਿਆ ਹੈ। ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਗੋਆ ਪੁਲਿਸ ਨੇ ਵੀਰਵਾਰ ਨੂੰ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ ਦੀ ਜਾਂਚ ਲਈ ਕਤਲ ਦਾ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਸੋਨਾਲੀ ਫੋਗਾਟ ਦੇ ਪਰਿਵਾਰ ਨੇ ਵੀ ਉਸ ਦੀ ਮੌਤ ਨੂੰ ਸਾਜ਼ਿਸ਼ ਮੰਨਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ।
ਦਰਅਸਲ 42 ਸਾਲਾ ਅਦਾਕਾਰਾ ਤੋਂ ਰਾਜਨੇਤਾ ਬਣੀ ਸੋਨਾਲੀ ਫੋਗਾਟ ਦੀ ਮੰਗਲਵਾਰ ਨੂੰ ਗੋਆ ਵਿੱਚ ਸ਼ੱਕੀ ਹਾਲਾਤਾਂ ਵਿੱਚ ਕਥਿਤ ਤੌਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਭਾਜਪਾ ਨੇਤਾ ਦੇ ਪਰਿਵਾਰ ਨੇ ਉਸ ਦੀ ਮੌਤ ਦੇ ਹਾਲਾਤਾਂ ‘ਤੇ ਸਵਾਲ ਖੜ੍ਹੇ ਕੀਤੇ ਸਨ। ਮਾਮਲੇ ‘ਚ ਗੋਆ ਦੇ ਪੁਲਿਸ ਡਾਇਰੈਕਟਰ ਜਨਰਲ ਜਸਪਾਲ ਸਿੰਘ ਨੇ ਦੱਸਿਆ ਕਿ ਸੋਨਾਲੀ ਫੋਗਾਟ ਨੇ ਸੋਮਵਾਰ ਦੇਰ ਰਾਤ ਇਕ ਰੈਸਟੋਰੈਂਟ ‘ਚ ਖਾਣਾ ਖਾਣ ਦੌਰਾਨ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ।
ਇਸ ਤੋਂ ਬਾਅਦ ਉਸ ਨੂੰ ਉੱਤਰੀ ਗੋਆ ਜ਼ਿਲ੍ਹੇ ਵਿੱਚ ਸਥਿਤ ਅੰਜੁਨਾ ਦੇ ਸੇਂਟ ਐਂਥਨੀਜ਼ ਹਸਪਤਾਲ ਵਿੱਚ ਲਿਆਂਦਾ ਗਿਆ। ਗੋਆ ਦੇ ਪੁਲਿਸ ਡਾਇਰੈਕਟਰ ਜਨਰਲ ਜਸਪਾਲ ਸਿੰਘ ਨੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ।






































