ਕਪੂਰਥਲਾ, 22 ਨਵੰਬਰ | ਜ਼ਿਲੇ ਦੇ ਸੁਲਤਾਨਪੁਰ ਲੋਧੀ ਵਿਚ ਵੀਰਵਾਰ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸ ਦੇ ਦੋ ਸਾਥੀ ਵੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਭਾਜਪਾ ਯੁਵਾ ਮੋਰਚਾ ਆਗੂ ਹਨੀ ਕੁਮਾਰ ਦੇਰ ਰਾਤ ਦਾਣਾ ਮੰਡੀ ਵਿਚ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲਿਆ ਹੈ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਿਊਟੀ ’ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮ੍ਰਿਤਕ ਦੀ ਭਰਜਾਈ ਰਜਨੀ ਪਤਨੀ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਡਡਵਿੰਡੀ ਵਿਖੇ ਕਿਸੇ ਧਾਰਮਿਕ ਸਮਾਗਮ ਤੋਂ ਆਪਣੇ ਰਿਸ਼ਤੇਦਾਰਾਂ ਦੇ ਘਰ ਆਈ ਹੋਈ ਸੀ, ਜਿਸ ਤੋਂ ਬਾਅਦ ਮੇਰਾ ਦਿਓਰ ਵੀ ਮੇਰੇ ਨਾਲ ਆ ਗਿਆ। ਉਸ ਨੇ ਦੱਸਿਆ ਕਿ ਖਾਣਾ ਬਣਾਉਣ ਤੋਂ ਬਾਅਦ ਮੈਂ ਫਿਰ ਡਡਵਿੰਡੀ ਚਲੀ ਗਈ। ਇਸ ਤਰ੍ਹਾਂ ਮੇਰਾ ਦਿਓਰ ਹਨੀ ਕੁਮਾਰ ਪੁੱਤਰ ਸੁਰਿੰਦਰ ਪਾਲ ਆਪਣੇ ਦੋਸਤਾਂ ਅਜੈ ਕੁਮਾਰ ਬੰਟੀ ਅਤੇ ਅਮਨ ਕੁਮਾਰ ਨਾਲ ਬਾਈਕ ‘ਤੇ ਗਿਆ ਹੋਇਆ ਸੀ। ਕੁਝ ਸਮੇਂ ਬਾਅਦ ਹਨੀ ਕੁਮਾਰ ਦੇ ਦੋਸਤ ਅਜੇ ਕੁਮਾਰ ਬੰਟੀ ਅਤੇ ਅਮਨ ਕੁਮਾਰ ਦਾਣਾ ਮੰਡੀ ‘ਚ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲੇ। ਜਿੱਥੇ ਉਨ੍ਹਾਂ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਉਸ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਸਾਡੇ ਇਲਾਕੇ ਸੈਦਾ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਰਜਨੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿਚ ਮੁਹੱਲਾ ਸੈਦਾ ਦੇ ਨੌਜਵਾਨਾਂ ਵੱਲੋਂ ਮੇਰੇ ਦਿਓਰ ’ਤੇ ਤੀਜੀ ਵਾਰ ਹਮਲਾ ਕੀਤਾ ਗਿਆ ਹੈ, ਜਿਸ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਹਨੀ ਕੁਮਾਰ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਵੀ ਸਨ।
ਇਸ ਦੌਰਾਨ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਕ ਦੋਸ਼ੀ ਨੂੰ ਵੀ ਕਾਬੂ ਕੀਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)