ਗੁਰਦਾਸਪੁਰ, 1 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਵਿਚ ਹਲਚਲ ਮਚ ਗਈ ਹੈ। ਕੱਲ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ ਪਰ ਹੁਣ ਉਕਤ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਸਰਪੰਚ ਦੇ ਅਹੁਦੇ ਲਈ ਦਾਅਵੇਦਾਰ ਆਤਮਾ ਸਿੰਘ ਵੱਲੋਂ 2 ਕਰੋੜ ਰੁਪਏ ਤੋਂ ਵੱਧ ਦੀ ਬੋਲੀ ਲਾਉਣ ਦਾ ਅੱਜ ਆਖਰੀ ਦਿਨ ਸੀ। ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਤਮਾ ਸਿੰਘ ਜਲਦੀ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ
ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿਚ ਭਾਜਪਾ ਆਗੂ ਆਤਮਾ ਸਿੰਘ ਵੱਲੋਂ ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ- ਰਿਪੋਰਟ ਆਉਣ ਤੋਂ ਬਾਅਦ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਡੇਰਾ ਬਾਬਾ ਨਾਨਕ ਦੇ ਏਡੀਸੀ ਤੇ ਐਸਡੀਐਮ ਨੂੰ ਸੌਂਪ ਦਿੱਤੀ ਹੈ।