ਬਲਾਕ ਜੰਗਲਾਤ ਅਫਸਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0
336


ਚੰਡੀਗੜ੍ਹ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੱਕਰੀਆ ਚਾਰਨ ਅਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ।

 ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਦਾ ਇਲਜ਼ਾਮ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ‘ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।