ਤਰਨਤਾਰਨ (ਬਲਜੀਤ ਸਿੰਘ) | ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 6 ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ 6 ਸਾਲ ਦੀ ਬੱਚੀ ਅਚਾਨਕ ਭੇਤਭਰੀ ਹਾਲਤ ‘ਚ ਲਾਪਤਾ ਹੋ ਗਈ ਸੀ, ਜਿਸ ਦੀ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੇੜਿਓਂ ਲਾਸ਼ ਬਰਾਮਦ ਹੋਈ ਹੈ।
ਜਾਣਕਾਰੀ ਅਨੁਸਾਰ ਲੜਕੀ ਦੀ ਲਾਸ਼ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੇੜੇ ਪਈ ਰੇਤ ‘ਚ ਦੱਬੀ ਮਿਲੀ ਹੈ। ਮੌਕੇ ‘ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮ੍ਰਿਤਕ ਬੱਚੀ ਪ੍ਰਵੀਨ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ ਹੈ।
ਥਾਣਾ ਮੁਖੀ ਗੋਇੰਦਵਾਲ ਸਾਹਿਬ ਕੇਵਲ ਸਿੰਘ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ, ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨ ਦਾ ਪਤਾ ਲੱਗ ਸਕੇਗਾ।
ਉਨ੍ਹਾਂ ਦੱਸਿਆ ਕਿ ਲੜਕੀ ਦੇ ਲਾਪਤਾ ਹੋਣ ਸਬੰਧੀ ਪਹਿਲਾਂ ਤੋਂ ਹੀ ਕੇਸ ਦਰਜ ਕੀਤਾ ਹੋਇਆ ਸੀ, ਜਿਸ ‘ਚ ਧਾਰਾ-302 ਦਾ ਵਾਧਾ ਜੁਰਮ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਰਿਪੋਰਟ ਆਉਣ ‘ਤੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਲਿਖਤੀ ਸ਼ਿਕਾਇਤ ਥਾਣਾ ਗੋਇੰਦਵਾਲ ਸਾਹਿਬ ਪੁਲਿਸ ਨੂੰ ਦਿੱਤੀ ਗਈ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੀ ਬੱਚੀ ਦੀ ਜਾਨ ਗਈ ਹੈ।
ਪੀੜਤ ਪਰਿਵਾਰ ਨੇ ਬੱਚੀ ਦੇ ਹੋਏ ਕਤਲ ਨੂੰ ਲੈ ਕੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਗੁਹਾਰ ਲਾਈ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ