ਅੰਮ੍ਰਿਤਸਰ| ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਹੋਏ ਧਮਾਕੇ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ’ਤੇ ਮੈਟਲ ਡਿਟੈਕਟਰ ਲਗਾਏ ਜਾ ਸਕਦੇ ਹਨ, ਤਾਂ ਜੋ ਗਲਤ ਅਨਸਰਾਂ ’ਤੇ ਕਾਬੂ ਪਾਇਆ ਜਾ ਸਕੇ।
ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ, ਉੱਥੇ ਹੀ ਅੰਮ੍ਰਿਤਸਰ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਏ 3 ਬੰਬ ਧਮਾਕਿਆਂ ਤੋਂ ਬਾਅਦ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਹੁਣ ਸ਼੍ਰੋਮਣੀ ਕਮੇਟੀ ਦੀ ਤਰਫੋਂ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਕੱਤਰ ਪ੍ਰਤਾਪ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਬੰਬ ਧਮਾਕਿਆਂ ਤੋਂ ਬਾਅਦ ਹੁਣ ਲੋਕਾਂ ਦੇ ਲਿਫਾਫਿਆਂ ਅਤੇ ਬੈਗਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਲੰਬੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਮੈਟਲ ਡਿਟੈਕਟਰ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜਲਦੀ ਹੀ ਮੈਟਲ ਡਿਟੈਕਟਰ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਸੰਗਤਾਂ ਲਈ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਰਹਿਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਹੋਏ ਬੰਬ ਧਮਾਕੇ ਤੋਂ ਬਾਅਦ ਪੁਲੀਸ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਰੱਖਿਆ ਵਧਾਉਣ ਤੋਂ ਬਾਅਦ ਮੁੱਖ ਦੀਵਾਰਾਂ ‘ਤੇ ਟਾਸਕ ਫੋਰਸ ਵਧਾ ਦਿੱਤੀ ਗਈ ਹੈ ਅਤੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।