2013 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਡਿਪਟੀ ਕਮਿਸ਼ਨਰ ਜਲੰਧਰ ਵਜੋਂ ਅਹੁਦਾ ਸੰਭਾਲਿਆ

ਕਿਹਾ – ਲੋਕਾਂ ਨੂੰ ਸਾਫ਼-ਸੁਥਰਾ, ਕੁਸ਼ਲ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ

ਜ਼ਿਲ੍ਹਾ ਵਾਸੀਆਂ ਦੀ ਭਲਾਈ ਤੇ ਜ਼ਿਲ੍ਹੇ ਦੇ ਵਿਕਾਸ ਲਈ 27X7 ਹਾਜ਼ਰ ਰਹਾਂਗਾ : ਡਿਪਟੀ ਕਮਿਸ਼ਨਰ

ਜਲੰਧਰ | ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ।

ਜਲੰਧਰ ‘ਚ ਜੰਮੇ, ਜਲੰਧਰ ‘ਚ ਹੀ ਪੜ੍ਹੇ-ਲਿਖੇ ਵਿਸ਼ੇਸ਼ ਸਾਰੰਗਲ ਨੇ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ ਹੈ। ਇਸ ਵੇਲੇ ਉਨ੍ਹਾਂ ਦੇ ਨਾਲ ਮਾਤਾ-ਪਿਤਾ, ਪਤਨੀ ਤੇ ਬੱਚੇ ਵੀ ਮੌਜੂਦ ਸਨ। ਡੀਸੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪੜ੍ਹਾਈ ਜਲੰਧਰੋਂ ਹੀ ਕੀਤੀ ਹੈ, ਇਸ ਲਈ ਉਹ ਜ਼ਿਲੇ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ।

ਸਾਰੰਗਲ, ਜੋ ਕਿ 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ, ਨੇ ਕਿਹਾ ਕਿ ਜਲੰਧਰ, ਜਿਸਨੂੰ ਸੂਬੇ ਦੀਆਂ ਖੇਡਾਂ ਅਤੇ ਮੀਡੀਆ ਦੀ ਰਾਜਧਾਨੀ ਕਿਹਾ ਜਾਂਦਾ ਹੈ, ਦੀ ਸੇਵਾ ਕਰਨਾ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਜ਼ਿਕਰਯੋਗ ਹੈ ਕਿ ਸਾਰੰਗਲ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਉਹ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਸਮਰੱਥਾ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਹ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਸੇਵਾਵਾਂ ਦੇ ਚੁੱਕੇ ਹਨ, ਜਿਸ ਸਦਕਾ ਉਹ ਜ਼ਿਲ੍ਹੇ ਦੀ ਹੋਰ ਵੀ ਵਧੀਆ ਢੰਗ ਨਾਲ ਸੇਵਾ ਕਰ ਸਕਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਸੂਬੇ ਭਰ ਵਿੱਚ ਮੋਹਰੀ ਬਣਾਉਣ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ। ਜ਼ਿਲ੍ਹੇ ਵਿੱਚ ਸੇਵਾ ਕਰਦਿਆਂ ਉਨ੍ਹਾਂ ਦੀ ਵਿਸ਼ੇਸ਼ ਤਵਜੋਂ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਨਾ ਹੋਵੇਗੀ ਅਤੇ ਉਹ 24 ਘੰਟੇ ਜਲੰਧਰ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।

ਉਪਰੰਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਸਾਰੰਗਲ ਨੇ ਅਧਿਕਾਰੀਆਂ ਨੂੰ ਸੂਬੇ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਜ਼ਿਲ੍ਹਾ ਵਾਸੀਆਂ ਦੀ ਪੂਰੀ ਸ਼ਿੱਦਤ ਨਾਲ ਸੇਵਾ ਕਰਨ ਲਈ ਕਿਹਾ। ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।