ਚੰਡੀਗੜ੍ਹ/ਪਟਿਆਲਾ, 6 ਜਨਵਰੀ | ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਦੇ ਵਕੀਲ ਕਪਿਲ ਸਿੱਬਲ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਸਿੱਬਲ ਨੇ ਇਸ ਮਾਮਲੇ ਦੀ ਸੁਣਵਾਈ ਕੁਝ ਸਮੇਂ ਬਾਅਦ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਅਦਾਲਤ ਨੇ ਇਸ ਦੀ ਸੁਣਵਾਈ ਸ਼ੁੱਕਰਵਾਰ (10 ਜਨਵਰੀ) ਲਈ ਤੈਅ ਕੀਤੀ ਹੈ।
ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਡੱਲੇਵਾਲ ਨੂੰ ਬਾਅਦ ਦੁਪਹਿਰ ਖਨੌਰੀ ਸਰਹੱਦ ਵਿਖੇ ਮਿਲੇ। ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮੈਡੀਕਲ ਸੇਵਾਵਾਂ ਲੈਣ ਲਈ ਬੇਨਤੀ ਕੀਤੀ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਠੀਕ ਹੋਵੇ। ਉਹ ਜਦੋਂ ਚਾਹੇਗਾ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲ ਕਰਨ ਦਾ ਅਧਿਕਾਰ ਨਹੀਂ ਹੈ। ਅਸੀਂ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪਾਂਗੇ।
ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)