ਬ੍ਰੇਕਿੰਗ : ਜਲੰਧਰ ਦੇ ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ, ਬਿਹਾਰ ਤੋਂ ਲਿਆਂਦੇ 5 ਨਾਜਾਇਜ਼ ਅਸਲੇ ਵੀ ਬਰਾਮਦ

0
111

ਜਲੰਧਰ, 24 ਅਕਤੂਬਰ | ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।

ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿਚ ਪੇਸ਼ ਕਰ ਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਲੰਧਰ ਦਿਹਾਤ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।

ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿੰਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)