ਚੰਡੀਗੜ੍ਹ, 17 ਨਵੰਬਰ | ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ ਵਿਚ ਇਕ ਵਿਸ਼ਾਲ ‘ਵਿਕਾਸ ਕ੍ਰਾਂਤੀ ਰੈਲੀ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੋਆਬੇ ‘ਚ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ।

ਇਸ ਸਬੰਧੀ ਸ਼ੁੱਕਰਵਾਰ ਨੂੰ ਬੁਲਾਰੇ ਗੋਬਿੰਦਰ ਮਿੱਤਲ ਨਾਲ ਮੀਡੀਆ ਨੂੰ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਨਵੇਂ ਰਾਹ ‘ਤੇ ਲਿਜਾਣ ਲਈ ‘ਆਪ’ ਦੀ ਪੰਜਾਬ ਸਰਕਾਰ ਵਿਕਾਸ ਕ੍ਰਾਂਤੀ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਅਤੇ ਸਮਾਜ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ‘ਵਿਕਾਸ ਕ੍ਰਾਂਤੀ ਰੈਲੀ’ ‘ਚ 867.68 ਕਰੋੜ ਰੁਪਏ ਦੇ ਪ੍ਰੋਜੈਕਟ ਗਤੀਸ਼ੀਲ ਹੋਣਗੇ।

ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ। ਸਿਹਤ ਅਤੇ ਸਿੱਖਿਆ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਦੋਵਾਂ ਸੈਕਟਰਾਂ ਵਿਚ ਕ੍ਰਾਂਤੀ ਲਿਆਂਦੀ ਅਤੇ ਹੁਣ ਸਾਡੀ ਸਰਕਾਰ ਪੰਜਾਬ ਵਿਚ ਵੀ ਉਹੀ ਕਰ ਰਹੀ ਹੈ।

ਯੂਕਰੇਨ ਸੰਕਟ ਦੌਰਾਨ ਅਸੀਂ ਦੇਖਿਆ ਕਿ ਸਾਡੇ ਕਿੰਨੇ ਬੱਚੇ ਉੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਨ ਅਤੇ ਯੁੱਧ ਖੇਤਰ ਵਿਚ ਫਸ ਗਏ ਸਨ। ਉਸ ਸਮੇਂ ਸੀਐਮ ਮਾਨ ਨੇ ਪੰਜਾਬ ਨੂੰ ਭਾਰਤ ਦਾ ਮੈਡੀਕਲ ਹੱਬ ਬਣਾਉਣ ਦਾ ਫੈਸਲਾ ਕੀਤਾ ਸੀ। ਇਹੀ ਕਾਰਨ ਹੈ ਕਿ ਮਾਨ ਸਰਕਾਰ ਸਿਹਤ ਖੇਤਰ ਵਿਚ ਬੇਮਿਸਾਲ ਕੰਮ ਕਰ ਰਹੀ ਹੈ। ਲਗਭਗ 700 ਮੁਹੱਲਾ ਕਲੀਨਿਕਾਂ ਵਿਚ ਜਿਥੇ ਲੱਖਾਂ ਲੋਕ ਮੁਫਤ ਇਲਾਜ ਕਰਵਾ ਰਹੇ ਹਨ, ਉਥੇ ਸਰਕਾਰੀ ਹਸਪਤਾਲਾਂ ਦਾ ਅਪਗ੍ਰੇਡੇਸ਼ਨ, ਪੰਜਾਬ ਦੇ ਹਰ ਜ਼ਿਲ੍ਹੇ ਵਿਚ ਨਵੇਂ ਮੈਡੀਕਲ ਕਾਲਜ ਆਦਿ ਪੰਜਾਬ ਦੇ ਮੈਡੀਕਲ ਅਤੇ ਸਿਹਤ ਖੇਤਰ ਵਿਚ ਸੁਧਾਰ ਕਰਨ ਵਿਚ ਮਦਦ ਕਰਨਗੇ।

ਕੰਗ ਨੇ ਦੱਸਿਆ ਕਿ ਭਲਕੇ ਦੋਵੇਂ ਮੁੱਖ ਮੰਤਰੀ ਹੁਸ਼ਿਆਰਪੁਰ ਵਿਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ-ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿਚ ‘ਆਪ’ ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ਵਿਚ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮਾਣਯੋਗ ਮੁੱਖ ਮੰਤਰੀ ਇਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ-ਪੱਥਰ ਵੀ ਰੱਖਣਗੇ। ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿਚ ਵੀ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ। ਕੰਗ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ 23 ਪਿੰਡਾਂ ਵਿਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਪੇਂਡੂ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਚ ਪੰਜਾਬ ਦਾ ਕੋਈ ਵੀ ਵਰਗ ਅਣਗੌਲਿਆ ਨਹੀਂ ਹੈ, ਆਮ ਲੋਕ, ਨੌਜਵਾਨ ਅਤੇ ਕਿਸਾਨ ਸਾਡੀ ਪਹਿਲੀ ਤਰਜੀਹ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਲਗਾਤਾਰ ਬਿਹਤਰ ਅਤੇ ਮੁਫਤ ਸਹੂਲਤਾਂ ਦੇ ਰਹੀ ਹੈ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਨਵੀਂ ਗਤੀ ਨਾਲ ਤਰੱਕੀ ਅਤੇ ਵਿਕਾਸ ਕਰ ਰਿਹਾ ਹੈ।

ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕੰਗ ਨੇ ਕਿਹਾ ਕਿ ‘ਆਪ’ ਦੀ ਸਰਕਾਰ ‘ਚ ਪੰਜਾਬ ਦੇ ਸਾਰੇ ਖੇਤਰਾਂ ‘ਚ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਸਾਡੀ ਸਰਕਾਰ ਨੇ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿਚ ਬਹੁਤ ਸੁਧਾਰ ਕੀਤਾ ਹੈ ਅਤੇ ਲਗਭਗ 13 ਹਜ਼ਾਰ ਨਵੇਂ ਛੋਟੇ ਜਲ ਮਾਰਗ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਚ ਪੰਜਾਬੀਆਂ ਨੂੰ ਬਿਜਲੀ ਦੇ ਬਿੱਲਾਂ ਅਤੇ ਧਰਤੀ ਹੇਠਲੇ ਪਾਣੀ ਦੇ ਸੰਕਟ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਬਹੁਤ ਮਿਹਨਤ ਕਰ ਰਹੀ ਹੈ। ਸਾਡੀ ਸਰਕਾਰ ਨੇ 37 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਉਹ ਵੀ ਬਿਨਾਂ ਕਿਸੇ ਪੱਖਪਾਤ ਦੇ। ਉਨ੍ਹਾਂ ਕਿਹਾ ਕਿ ਭਲਕੇ ਦੀ ‘ਵਿਕਾਸ ਕ੍ਰਾਂਤੀ ਰੈਲੀ’ ਰਾਹੀਂ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।