ਬ੍ਰੇਕਿੰਗ : ਚੰਡੀਗੜ੍ਹ ‘ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਲਾਠੀਚਾਰਜ, ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ
ਚੰਡੀਗੜ੍ਹ, 7 ਜਨਵਰੀ | ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ ਮੋਰਚੇ ਦੇ 2 ਸਾਲ ਪੂਰੇ ਹੋਣ ‘ਤੇ ਮੋਹਾਲੀ ‘ਚ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿਚ ਦਾਖ਼ਲ ਹੋ ਗਏ।
ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ 43 ਵਿਚ ਧਰਨਾਕਾਰੀਆਂ ਨੂੰ ਰੋਕਿਆ। ਪੁਲਿਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਪ੍ਰਦਰਸ਼ਨਕਾਰੀਆਂ ਨੂੰ 4 ਬੱਸਾਂ ਵਿਚ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਵਾਪਸੀ ਦਾ ਐਲਾਨ ਕਰਦਿਆਂ ਕਿਹਾ ਕਿ 25 ਜਨਵਰੀ ਨੂੰ ਮੋਹਾਲੀ ਵਿਚ ਮਹਾਪੰਚਾਇਤ ਕੀਤੀ ਜਾਵੇਗੀ, ਜਿਸ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਇਆ ਜਾਵੇਗਾ।
ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਤਿੰਨੋਂ ਕੌਮੀ ਇਨਸਾਫ਼ ਮੋਰਚਾ ਦੇ ਧਰਨੇ ਵਿਚ ਹਿੱਸਾ ਲੈਣ ਜਾ ਰਹੇ ਸਨ।
Related Post