ਪਟਿਆਲਾ, 13 ਜਨਵਰੀ | ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦਾ ਸਮਰਥਨ ਮਿਲਿਆ ਹੈ। ਇਸ ਅੰਦੋਲਨ ਸਬੰਧੀ ਅੱਜ 4 ਘੰਟੇ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਇਸ ਵਿਚ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਖੜ੍ਹੇ ਕਿਸਾਨ ਆਗੂ ਅਤੇ ਐਸ.ਕੇ.ਐਮ. ਦੇ ਕਿਸਾਨ ਆਗੂ ਸ਼ਾਮਲ ਹੋਏ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ 18 ਜਨਵਰੀ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਨਾਲ ਹੀ ਮੀਟਿੰਗ ਵਿਚ ਇਸ ਗੱਲ ‘ਤੇ ਵੀ ਚਰਚਾ ਕੀਤੀ ਗਈ ਕਿ ਇਸ ਅੰਦੋਲਨ ਨੂੰ ਕਿਵੇਂ ਅੱਗੇ ਲਿਜਾਇਆ ਜਾਵੇ ਅਤੇ ਸਰਕਾਰ ‘ਤੇ ਕਿਵੇਂ ਦਬਾਅ ਬਣਾਇਆ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਅਸੀਂ ਤਿੰਨ ਮੰਚਾਂ ਦੇ ਆਗੂ ਇੱਕ ਮੰਚ ’ਤੇ ਹਾਂ। ਇਹ ਬਹੁਤ ਸਕਾਰਾਤਮਕ ਗੱਲ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਅਭਿਮੰਨਿਊ ਕੋਹਾੜ ਨੇ ਕਿਹਾ ਕਿ ਕੋਈ ਵੀ ਸਾਥੀ ਇੱਕ ਦੂਜੇ ‘ਤੇ ਆਧਾਰਿਤ ਟਿੱਪਣੀ ਨਹੀਂ ਕਰੇਗਾ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਨੂੰ 49 ਦਿਨ ਹੋ ਗਏ ਹਨ। ਉਨ੍ਹਾਂ ਦੇ ਡਾਕਟਰਾਂ ਨੇ ਕਿਹਾ ਕਿ ਹੁਣ ਡੱਲੇਵਾਲ ਦਾ ਮਾਸ ਸੁੰਗੜਨ ਲੱਗਾ ਹੈ, ਜੋ ਚਿੰਤਾਜਨਕ ਸਥਿਤੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)